ਭਾਜਪਾ ਤੇ ਕਾਂਗਰਸ ਨੂੰ ਛੱਡ ‘ਆਪ’ ‘ਚ ਸ਼ਾਮਲ ਹੋਏ ਕੌਂਸਲਰ
ਅੰਮ੍ਰਿਤਸਰ , 8 ਅਪ੍ਰੈਲ, 2022: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ‘ਚ ਉਦੋਂ ਭਾਰੀ ਵਾਧਾ ਹੋਇਆ, ਜਦੋਂ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਭਾਜਪਾ ਦੇ ਕੌਂਸਲਰਾਂ ਨੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਦੀ ਅਗਵਾਈ ਵਿੱਚ ‘ਆਪ’ ‘ਚ ਸਮੂਲੀਅਤ ਕੀਤੀ। ਵਿਧਾਇਕ ਜਰਨੈਲ ਸਿੰਘ ਅਤੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸਾਰੇ ਕੌਂਸਲਰਾਂ ਦਾ ਪਾਰਟੀ ‘ਚ ਸਵਾਗਤ ਕੀਤਾ।
ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਦੱਸਿਆ ਕਿ ਕਾਂਗਰਸ ਅਤੇ ਭਾਜਪਾ ਨੂੰ ਛੱਡ ਕੇ 5 ਨਗਰ ਕੌਂਸਲਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਜਿਨਾਂ ਵਿੱਚ ਜਰਨੈਲ ਸਿੰਘ ਧੋਟ ਭਾਜਪਾ ਨੂੰ ਛੱਡ ਕੇ ਆਏ ਹਨ, ਜਦੋਂ ਕਿ ਨਿਸ਼ਾ ਢਿੱਲੋਂ, ਸਤਨਾਮ ਸਿੰਘ, ਅਵਿਨਾਸ਼ ਜੋਲੀ ਅਤੇ ਜੀਤ ਐਸ ਭਾਟੀਆ ਕਾਂਗਰਸ ਪਾਰਟੀ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਹਨ।
ਜਰਨੈਲ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੀ ਲੋਕਾਂ ਦੀ ਭਲਾਈ ਲਈ ਚੰਗੇ ਫ਼ੈਸਲੇ ਲੈ ਰਹੀ ਹੈ ਅਤੇ ਨਵੀਂ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਦੀ ਮੁਹਿੰਮ ਅਰੰਭ ਦਿੱਤੀ ਹੈ। ਸਰਕਾਰ ਦੇ ਫ਼ੈਸਲਿਆਂ ਦੇ ਪੰਜਾਬ ਵਾਸੀਆਂ ਵੱਲੋਂ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ।