ਡਿਪਟੀ ਕਮਿਸ਼ਨਰ ਵੱਲੋਂ ਡੇਰਾਬੱਸੀ ਅਤੇ ਲਾਲੜੂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
1 min readਮੋਹਾਲੀ, 08 ਅਪ੍ਰੈਲ, 2022: ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਅਮਿਤ ਤਲਵਾੜ ਨੇ ਡੇਰਾਬੱਸੀ ਅਤੇ ਲਾਲੜੂ ਅਨਾਜ ਮੰਡੀ ਦਾ ਅੱਜ ਬਾਅਦ ਦੁਪਹਿਰ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ‘ਚ ਕਣਕ ਦੀ ਆਮਦ ਦੇ 24 ਘੰਟਿਆਂ ‘ਚ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਤੇ ਆੜਤੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਹਦਾਇਤ ਕੀਤੀ ਕਿ ਕਣਕ ਦੀ ਨਮੀ ਨੂੰ ਘੱਟ ਕਰਨ ਲਈ ਪੱਖਿਆਂ ਦੀ ਵਰਤੋਂ ਕੀਤੀ ਜਾਵੇ। ਡਿਪਟੀ ਕਮਿਸ਼ਨਰ ਨੇ 12 ਫੀਸਦੀ ਤੋਂ ਘੱਟ ਨਮੀ ਵਾਲੀ ਕਣਕ ਨੂੰ ਤੁਰੰਤ ਖਰੀਦਣ ਦੇ ਆਦੇਸ਼ ਦਿੰਦਿਆ ਕਿਹਾ ਕਿ ਮੰਡੀ ਵਿੱਚ ਆਈ ਕਣਕ ਦੀ ਜਲਦੀ ਤੋਂ ਜਲਦੀ ਖਰੀਦ ਕਰਕੇ ਲਿਫ਼ਟਿੰਗ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾਲੋ ਨਾਲ ਜੇ ਫਾਰਮ ਆਨ ਲਾਈਨ ਜਾਰੀ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੰਡੀ ਵਿੱਚ ਖਰੀਦ ਤੋਂ ਪਹਿਲਾਂ ਮੰਡੀ ਦੀ ਚੰਗੀ ਤਰ੍ਹਾਂ ਸਫਾਈ ਕਰਵਾਈ ਜਾਵੇ l
ਡਿਪਟੀ ਕਮਿਸ਼ਨਰ ਨੇ ਸਾਰੀਆਂ ਖਰੀਦ ਏਜੰਸੀਆਂ ਦੇ ਇੰਸਪੈਕਟਰਾਂ ਨੂੰ ਕਿਹਾ ਕਿ ਉਹ ਕਿਸੇ ਕਿਸਾਨ ਦੀ ਪ੍ਰੇਸ਼ਾਨੀ ਦਾ ਸਬੱਬ ਨਾ ਬਣਨ ਅਤੇ ਉਨ੍ਹਾਂ ਦੀ ਜਿਣਸ ਦੀ ਮੰਡੀ ‘ਚ ਆਮਦ ਹੋਣ ਸਮੇਂ ਪੱਖਾ ਆਦਿ ਲਗਣ ਮਗਰੋਂ ਤੁਰੰਤ ਖਰੀਦ ਕਰਵਾਉਣ।
ਅਮਿਤ ਤਲਵਾੜ ਨੇ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।
ਇਸ ਮੌਕੇ ਡੀ.ਐਫ.ਐਸ.ਸੀ. ਮੁਹਾਲੀ ਡਾ. ਕਿੰਮੀ ਵਨੀਤ ਕੌਰ ਸੇਠੀ ਸਮੇਤ ਖੁਰਾਕ ਸਪਲਾਈ ਵਿਭਾਗ ਅਤੇ ਮੰਡੀ ਬੋਰਡ ਦੇ ਫੀਲਡ ਸਟਾਫ਼ ਤੋਂ ਤੋਂ ਇਲਾਵਾ ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ।