ਸੂਬੇ ਦੇ ਸਰਵਪੱਖੀ ਵਿਕਾਸ ਲਈ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ
1 min readਹੁਸ਼ਿਆਰਪੁਰ, 25 ਅਪ੍ਰੈਲ, 2022: ਮਾਲ, ਜਲ ਸਰੋਤ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਸੂਬੇ ਦਾ ਸਰਵਪੱਖੀ ਵਿਕਾਸ ਕਰਨਾ ਹੈ ਅਤੇ ਇਸ ਦੇ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਛੱਡੀ ਜਾਵੇਗੀ। ਉਹ ਅੱਜ 21 ਲੱਖ 8 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਵਾਰਡ ਨੰਬਰ 27 ਤੇ 44 ਵਿਚ ਵੱਖ-ਵੱਖ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਹੁਸ਼ਿਆਰਪੁਰ ਵਿਚ ਵਿਕਾਸ ਕਾਰਜਾਂ ਦੀ ਗਤੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਇਲਾਕੇ ਦੇ ਲੋਕਾਂ ਦੀ ਮੰਗ ਅਨੁਸਾਰ ਇਥੇ ਹਰ ਸੁਵਿਧਾ ਮੁਹੱਈਆ ਕਰਵਾਈ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੜਕ ਦੇ ਨਿਰਮਾਣ ਕਾਰਜ ਵਿਚ ਗੁਣਵੱਤਾ ਪੱਖੋਂ ਕੋਈ ਕਮੀ ਨਹੀਂ ਰਹਿਣੀ ਚਾਹੀਦੀ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਕਾਰਜ ਵਿਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਖੁਦ ਸੜਕ ਨਿਰਮਾਣ ਵਿਚ ਪ੍ਰਯੋਗ ਹੋਣ ਵਾਲੀ ਸਮੱਗਰੀ ਦੀ ਮਾਤਰਾ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਸੜਕ ਨਿਰਮਾਣ ਕੰਮਾਂ ਵਿਚ ਜੇਕਰ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਸਾਹਮਣੇ ਆਈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਜਨ ਸੁਵਿਧਾਵਾਂ ਦੇ ਮੱਦੇਨਜ਼ਰ ਸੂਬੇ ਵਿਚ ਨਵੀਆਂ ਪੈੜਾਂ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹਰ ਹਲਕੇ ਦੇ ਲੋਕਾਂ ਨੂੰ ਇਕ ਸਮਾਨ ਪਹਿਲ ਦੇ ਆਧਾਰ ’ਤੇ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰ ਵਾਰਡ ਵਿਚ ਜ਼ਰੂਰੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਨਾ ਸਿਰਫ ਗੰਭੀਰਤਾ ਨਾਲ ਉਨ੍ਹਾਂ ਦੀ ਗੱਲ ਸੁਣੀ ਬਲਕਿ ਸਮੇਂ ਸਿਰ ਉਸ ਦਾ ਹੱਲ ਵੀ ਕਰਵਾਇਆ।
ਇਸ ਮੌਕੇ ਕੌਂਸਲਰ ਜਸਪਾਲ ਸਿੰਘ ਚੇਚੀ, ਕੌਂਸਲਰ ਕੁਲਵਿੰਦਰ ਸਿੰਘ ਨੀਟਾ, ਸਤਵੰਤ ਸਿੰਘ ਸਿਆਨ, ਵਰਿੰਦਰ ਸ਼ਰਮਾ ਬਿੰਦੂ, ਕੌਂਸਲਰ ਕੁਲਵਿੰਦਰ ਸਿੰਘ ਹੁੰਦਲ, ਸੰਤੋਸ਼ ਸੈਣੀ, ਮਨਦੀਪ ਕੌਰ, ਗੁਰਦਰਸ਼ਨ ਸਿੰਘ, ਗੁਰਪਾਲ ਸਿੰਘ, ਰਾਮ ਲਾਲ ਸਾਬਕਾ ਪ੍ਰਿੰਸੀਪਲ, ਸੋਹਨ ਲਾਲ ਤੋਂ ਇਲਾਵਾ ਇਲਾਕਾ ਨਿਵਾਸੀ ਵੀ ਮੌਜੂਦ ਸਨ।