July 26, 2024

Chandigarh Headline

True-stories

ਪੰਜਾਬ ਸਰਕਾਰ ਨੇ ਜੇਲ੍ਹਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਖਿ਼ਲਾਫ਼ ਕਾਰਵਾਈ ਵਿੱਢੀ, 50 ਦਿਨਾਂ ਵਿੱਚ 710 ਮੋਬਾਈਲ ਫੋਨ ਕੀਤੇ ਜ਼ਬਤ

ਚੰਡੀਗੜ੍ਹ, 14 ਮਈ, 2022: ਜੇਲ੍ਹਾਂ ਵਿੱਚੋਂ ਗਤੀਵਿਧੀਆਂ ਚਲਾਉਂਦੇ ਗੈਂਗਸਟਰਾਂ ਅਤੇ ਅਪਰਾਧੀਆਂ ਦੇ ਗਠਜੋੜ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਜੇਲ੍ਹਾਂ ਵਿੱਚੋਂ 710 ਮੋਬਾਈਲ ਫੋਨ ਬਰਾਮਦ ਕੀਤੇ ਹਨ।

ਇਸ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ 16 ਮਾਰਚ ਤੋਂ 10 ਮਈ ਤੱਕ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ, ਜਿਸ ਤਹਿਤ ਕੈਦੀਆਂ ਤੋਂ 710 ਦੇ ਕਰੀਬ ਮੋਬਾਈਲ ਫੋਨ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ 16 ਮਾਰਚ ਤੋਂ 31 ਮਾਰਚ ਤੱਕ 166 ਮੋਬਾਈਲ ਫੋਨ ਬਰਾਮਦ ਕੀਤੇ ਗਏ, ਜਦੋਂ ਇਕ ਤੋਂ 30 ਅਪ੍ਰੈਲ ਤੱਕ 354 ਮੋਬਾਈਲ ਬਰਾਮਦ ਹੋਏ। ਇਸ ਤੋਂ ਇਲਾਵਾ ਇਕ ਤੋਂ 10 ਮਈ ਤੱਕ ਕੀਤੀ ਕਾਰਵਾਈ ਦੌਰਾਨ 190 ਮੋਬਾਈਲ ਫੋਨ ਫੜੇ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਨ੍ਹਾਂ ਮੋਬਾਈਲ ਫੋਨਾਂ ਦੀ ਵਰਤੋਂ ਗੈਂਗਸਟਰ/ਸਮਗਲਰ ਜੇਲ੍ਹਾਂ ਤੋਂ ਆਪਣੀਆਂ ਕਾਰਵਾਈਆਂ ਚਲਾਉਣ ਲਈ ਕਰਦੇ ਸਨ।

ਮੁੱਖ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਨਾਮ ਉਤੇ ਇਹ ਫੋਨ ਨੰਬਰ ਚੱਲ ਰਹੇ ਹਨ, ਉਨ੍ਹਾਂ ਨੂੰ ਫੜਨ ਲਈ ਜਾਂਚ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅੱਗੇ ਦੱਸਿਆ ਕਿ ਜਿਨ੍ਹਾਂ ਜੇਲ੍ਹਾਂ ਵਿੱਚੋਂ ਮੋਬਾਈਲ ਬਰਾਮਦ ਹੋਏ ਹਨ, ਉਨ੍ਹਾਂ ਦੇ ਅਧਿਕਾਰੀਆਂ ਤੇ ਸਟਾਫ਼ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਜੇਲ੍ਹਾਂ ਵਿੱਚੋਂ ਵੀ.ਆਈ.ਪੀ. ਸੱਭਿਆਚਾਰ ਨੂੰ ਜੜ੍ਹੋਂ ਮਿਟਾਉਣ ਲਈ ਪੰਜਾਬ ਸਰਕਾਰ ਨੇ ਸਾਰੇ ਵੀ.ਆਈ.ਪੀ. ਸੈੱਲਾਂ ਨੂੰ ਖ਼ਤਮ ਕਰਨ ਅਤੇ ਇਨ੍ਹਾਂ ਨੂੰ ਪ੍ਰਬੰਧਕੀ ਬਲਾਕਾਂ ਵਿੱਚ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜੇਲ੍ਹਾਂ ਵਿੱਚ ਬੰਦੀ ਹਨ, ਉਨ੍ਹਾਂ ਨੂੰ ਅਦਾਲਤਾਂ ਨੇ ਕਾਨੂੰਨ ਤੋੜਨ ਬਦਲੇ ਸਜ਼ਾਵਾਂ ਦਿੱਤੀਆਂ ਹਨ ਅਤੇ ਉਹ ਜੇਲ੍ਹਾਂ ਵਿੱਚ ਬੈਠੇ ਹੋਏ ਸਹੂਲਤਾਂ ਦਾ ਆਨੰਦ ਨਹੀਂ ਮਾਣ ਸਕਦੇ। ਭਗਵੰਤ ਮਾਨ ਨੇ ਕਿਹਾ ਕਿ ਜੇਲ੍ਹਾਂ ਨੂੰ ਹੁਣ ਅਸਲ ਵਿੱਚ ਸੁਧਾਰ ਘਰ ਬਣਾਇਆ ਜਾਵੇਗਾ, ਜਿੱਥੇ ਅਪਰਾਧੀਆਂ ਨੂੰ ਆਪਣੇ ਕੀਤੇ ਗੁਨਾਹਾਂ ਦੀ ਅਸਲ ਮਾਇਨਿਆਂ ਵਿੱਚ ਸਜ਼ਾ ਭੁਗਤਣੀ ਪਵੇਗੀ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..