ਸਰਕਾਰੀ ਸਿਹਤ ਸੰਸਥਾਵਾਂ ਵਿਚ ਦਵਾਈਆਂ ਸਬੰਧੀ ਸ਼ਿਕਾਇਤਾਂ ਦੇ ਹੱਲ ਲਈ ਨੋਡਲ ਅਫ਼ਸਰ ਨਿਯੁਕਤ
1 min readਐਸ.ਏ.ਐਸ ਨਗਰ, 30 ਮਈ, 2022: ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਦਵਾਈਆਂ ਦੀ ਕਮੀ ਸਬੰਧੀ ਮਿਲਣ ਵਾਲੀਆਂ ਸ਼ਿਕਾਇਤਾਂ ਦੀ ਸੁਣਵਾਈ ਲਈ ਡਾ. ਪਰਮਿੰਦਰ ਸਿੰਘ ਨੂੰ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਦਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਦਵਾਈਆਂ ਦੀ ਕਮੀ ਜਾਂ ਦਵਾਈਆਂ ਹੋਣ ਦੇ ਬਾਵਜੂਦ ਬਾਹਰੋਂ ਦਵਾਈਆਂ ਮੰਗਵਾਏ ਜਾਣ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਬਾਕਾਇਦਾ ਅਧਿਕਾਰੀ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਸਨੀਕ ਸਰਕਾਰੀ ਸਿਹਤ ਸੰਸਥਾਵਾਂ ਵਿਚ ਦਵਾਈਆਂ ਦੀ ਕਮੀ ਜਾਂ ਦਵਾਈਆ ਨਾਲ ਸਬੰਧਤ ਹੋਰ ਮਸਲਿਆਂ ਬਾਰੇ ਜ਼ਿਲ੍ਹਾ ਹਸਪਤਾਲ ਮੋਹਾਲੀ ਦੇ ਡਾ. ਪਰਮਿੰਦਰ ਸਿੰਘ ਨੂੰ 98141-67842 ’ਤੇ ਫ਼ੋਨ ਕਰ ਕੇ ਸ਼ਿਕਾਇਤ ਦਰਜ ਕਰਵਾ ਸਕਦੇ ਹਨ, ਜਿਸ ਦਾ ਨਿਪਟਾਰਾ ਤੈਅ ਸਮਾਂ-ਸੀਮਾ ਅੰਦਰ ਕੀਤਾ ਜਾਵੇਗਾ।
ਡਾ. ਆਦਰਸ਼ਪਾਲ ਕੌਰ ਨੇ ਅੱਗੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਤੇ ਸੁਚੱਜੀਆਂ ਸਿਹਤ ਸੇਵਾਵਾਂ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਧਿਕਾਰੀਆਂ ਨੂੰ ਸਾਫ਼-ਸਪੱਸ਼ਟ ਹਦਾਇਤਾਂ ਹਨ ਕਿ ਕਿਸੇ ਵੀ ਮਰੀਜ਼ ਨੂੰ ਹਸਪਤਾਲ ਵਿਚ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ ਤੇ ਸਰਕਾਰੀ ਸਿਹਤ ਸੰਸਥਾਵਾਂ ਵਿਚ ਜ਼ਰੂਰੀ ਤੇ ਐਮਰਜੈਂਸੀ ਦਵਾਈਆਂ ਦੀ ਕਮੀ ਨਹੀਂ ਹੋਣੀ ਚਾਹੀਦੀ। ਜੇ ਕੋਈ ਘਾਟ ਹੈ ਤਾਂ ਤੁਰੰਤ ਵੇਅਰਾਊਸ ਤੋਂ ਮੰਗਵਾਈ ਜਾਵੇ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਵਿਸ਼ੇਸ਼ ਤੌਰ ’ਤੇ ਹਦਾਇਤ ਕੀਤੀ ਹੋਈ ਹੈ ਕਿ ਮਰੀਜ਼ਾਂ ਨੂੰ ਬਾਹਰੋਂ ਮਿਲਣ ਵਾਲੀਆਂ ਦਵਾਈਆਂ ਨਾ ਲਿਖੀਆਂ ਜਾਣ ਅਤੇ ਹਸਪਤਾਲ ਦੀ ਫ਼ਾਰਮੇਸੀ ਵਿਚ ਉਪਲਭਧ ਦਵਾਈਆਂ ਦਿਤੀਆਂ ਜਾਣ।