October 22, 2024

Chandigarh Headline

True-stories

ਮੁੱਖ ਮੰਤਰੀ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਇਕ ਕਮਿਸ਼ਨ ਦੇ ਗਠਨ ਦਾ ਐਲਾਨ

ਚੰਡੀਗੜ੍ਹ, 30 ਮਈ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਇਕ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਮਾਰੇ ਗਏ ਗਾਇਕ ਦੇ ਪਿਤਾ ਬਲਕਾਰ ਸਿੰਘ ਸਿੱਧੂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮਾਣਯੋਗ ਚੀਫ਼ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਰਗੀ ਕਿਸੇ ਵੀ ਕੇਂਦਰੀ ਏਜੰਸੀ ਨੂੰ ਸ਼ਾਮਲ ਕਰਨ ਸਮੇਤ ਇਸ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ। ਉਨ੍ਹਾਂ ਡੀਜੀਪੀ, ਪੰਜਾਬ ਪੁਲਿਸ ਨੂੰ ਇਸ ਘਟਨਾ ਬਾਰੇ ਆਪਣੀ ਕੱਲ੍ਹ ਦੀ ਪ੍ਰੈਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਜਾਰੀ ਕਰਨ ਲਈ ਵੀ ਕਿਹਾ।

ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮਾਮਲੇ ਦੀ ਫੌਰੀ ਅਤੇ ਨਤੀਜਾਮੁਖੀ ਜਾਂਚ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮਰਹੂਮ ਗਾਇਕ ਦੀ ਸੁਰੱਖਿਆ ਵਿੱਚ ਕਟੌਤੀ ਦੇ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕੁਤਾਹੀ ਹੋਈ ਤਾਂ ਉਸ ਦੀ ਜ਼ਿੰਮੇਵਾਰੀ ਯਕੀਨੀ ਤੌਰ ‘ਤੇ ਤੈਅ ਕੀਤੀ ਜਾਵੇਗੀ।

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਦੁਖਦਾਈ ਅਤੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਸਦਮੇ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਛੜ ਗਿਆ ਗਾਇਕ ਪੰਜਾਬ ਦਾ ਇੱਕ ਪ੍ਰਸਿੱਧ ਚਿਹਰਾ ਅਤੇ ਸੱਭਿਆਚਾਰ ਦਾ ਪ੍ਰਤੀਕ ਸੀ। ਭਗਵੰਤ ਮਾਨ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜੀ ਹੈ। ਉਨ੍ਹਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..