November 2, 2024

Chandigarh Headline

True-stories

ਮੁੱਖ ਮੰਤਰੀ ਵੱਲੋਂ ਪੀ.ਆਈ.ਐਮ.ਐਸ. ਵਿੱਚ ਵਿੱਤੀ ਸੰਕਟ ਦਾ ਕਾਰਨ ਬਣੇ ਘੁਟਾਲੇ ਅਤੇ ਖਾਮੀਆਂ ਦੀ ਜਾਂਚ ਦੇ ਹੁਕਮ

1 min read

ਚੰਡੀਗੜ੍ਹ, 2 ਜੂਨ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੋਆਬਾ ਖੇਤਰ ਦੀ ਪ੍ਰਮੁੱਖ ਸਿਹਤ ਸੰਸਥਾ ਪੰਜਾਬ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਪੀ.ਆਈ.ਐਮ.ਐਸ) ਵਿਚ ਕਰ ਦਾਤਿਆਂ ਦੇ ਪੈਸੇ ਨੂੰ ਖੁਰਦ-ਬੁਰਦ ਕਰਨ ਦੇ ਨਾਲ-ਨਾਲ ਉਨ੍ਹਾਂ ਹੋਰ ਖਾਮੀਆਂ ਦਾ ਪਤਾ ਲਾਉਣ ਲਈ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ ਜੋ ਇਸ ਸੰਸਥਾ ਲਈ ਵਿੱਤੀ ਸੰਕਟ ਦਾ ਕਾਰਨ ਬਣੇ।

ਮੁੱਖ ਮੰਤਰੀ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੀ.ਆਈ.ਐਮ.ਐਸ. ਸੁਸਾਇਟੀ ਦੀ 37ਵੀਂ ਗਵਰਨਿੰਗ ਬਾਡੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਪ੍ਰਮੁੱਖ ਸੰਸਥਾ ਵਿੱਚ ਵਿੱਤੀ ਸੰਕਟ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ ਅਤੇ ਸਰਕਾਰ ਹੱਥ ਉਤੇ ਹੱਥ ਧਰ ਕੇ ਨਹੀਂ ਬੈਠ ਸਕਦੀ ਅਤੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਖਤਰੇ ਵਿੱਚ ਪਾਉਣ ਦੀ ਇਸ ਸਾਜ਼ਿਸ਼ ਨੂੰ ਚੱਲਣ ਨਹੀਂ ਦੇ ਸਕਦੀ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਇਹ ਕਿੰਨੀ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਛੇ ਸਾਲਾਂ ਵਿੱਚ ਗਵਰਨਿੰਗ ਬਾਡੀ ਦੀ ਇੱਕ ਵੀ ਮੀਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕਈ ਊਣਤਾਈਆਂ ਗੰਭੀਰ ਘੁਟਾਲਿਆਂ ਵੱਲ ਇਸ਼ਾਰਾ ਕਰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਖਾਮੀਆਂ ਅਤੇ ਗਬ਼ਨ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਨਤੀਜਾਮੁਖੀ ਢੰਗ ਨਾਲ ਨਿਰਧਾਰਿਤ ਸਮੇਂ ਦੇ ਅੰਦਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਵਿੱਤੀ ਸੰਕਟ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਇਸ ਗੜਬੜੀ ਲਈ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਭਗਵੰਤ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਉਨ੍ਹਾਂ ਸਾਰਿਆਂ ਵਿਰੁੱਧ ਫੈਸਲਾਕੁੰਨ ਕਾਰਵਾਈ ਕੀਤੀ ਜਾਵੇ ਜੋ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰਨ ਵਿੱਚ ਜ਼ਿੰਮੇਵਾਰ ਹਨ, ਜਿਸ ਨਾਲ ਸੰਸਥਾ ਵਿੱਚ ਗੰਭੀਰ ਵਿੱਤੀ ਸੰਕਟ ਪੈਦਾ ਹੋਇਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੋਆਬਾ ਖੇਤਰ ਦੇ ਕੇਂਦਰ ਵਿੱਚ ਸਥਿਤ ਇਹ ਸੰਸਥਾ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਅਹਿਮ ਭੂਮਿਕਾ ਨਿਭਾ ਸਕਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੰਸਥਾ ਪਹਿਲਾਂ ਹੀ ਅਤਿ-ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਹੈ, ਜਿਸ ਕਾਰਨ ਇਸ ਨੂੰ ਵਿਸ਼ਵ ਪੱਧਰੀ ਮੈਡੀਕਲ ਸੰਸਥਾ ਵਜੋਂ ਵਿਕਸਤ ਕਰਨ ਲਈ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਅਤੇ ਜਲਦੀ ਹੀ ਇਸ ਸੰਸਥਾ ਨੂੰ ਸੁਰਜੀਤ ਕਰਨ ਲਈ ਵਿਸਥਾਰਤ ਖਾਕਾ ਤਿਆਰ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਸ ਸੰਸਥਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਲਈ ਗਵਰਨਿੰਗ ਕੌਂਸਲ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਉਨ੍ਹਾਂ ਦੀ ਸਰਕਾਰ ਦ੍ਰਿੜ ਵਚਨਬੱਧ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਠੋਸ ਯਤਨ ਕੀਤੇ ਜਾ ਰਹੇ ਹਨ। ਭਗਵੰਤ ਮਾਨ ਨੇ ਸੁਸਾਇਟੀ ਦੇ ਮੈਂਬਰਾਂ ਨੂੰ ਲੋਕਾਂ ਦੇ ਭਲੇ ਵਾਸਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..