October 16, 2024

Chandigarh Headline

True-stories

ਬਿਜਲੀ ਵਿਭਾਗ ਨੇ ਪਿਛਲੇ ਛੇ ਮਹੀਨਿਆਂ ਦੌਰਾਨ 1702 ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ

ਚੰਡੀਗੜ੍ਹ, 29 ਅਗਸਤ, 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਛੇ ਮਹੀਨੇ ਦੇ ਸਮੇਂ ਦੌਰਾਨ ਸੂਬੇ ਦੇ 1702 ਉਮੀਦਵਾਰਾਂ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਵਿੱਚ ਰੋਜ਼ਗਾਰ ਮੁਹੱਈਆ ਕਰਵਾਇਆ ਹੈ। ਇਸਦੇ ਨਾਲ ਹੀ 2314 ਹੋਰ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ।

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ/ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵਿੱਚ ਹੁਣ ਤੱਕ 889 ਲੋਅਰ ਡਵੀਜ਼ਨ ਕਲਰਕ, ਜੂਨੀਅਰ ਇੰਜੀਨੀਅਰ, ਅਸਿਸਟੈਂਟ ਸਬ ਸਟੇਸ਼ਨ ਅਟੈਨਡੈਂਟਾਂ ਆਦਿ ਨੂੰ ਸਰਕਾਰੀ ਨੌਕਰੀ ਮੁਹੱਈਆ ਕਰਵਾਈ ਗਈ ਹੈ।ਉਨ੍ਹਾਂ ਦੱਸਿਆ ਕਿ ਹੁਣ ਤੱਕ ਨੌਕਰੀ ਦੌਰਾਨ ਜਾਨ ਗਵਾਉਣ ਵਾਲੇ 86 ਕਰਮਚਾਰੀਆਂ ਦੇ ਵਾਰਿਸਾਂ ਨੂੰ ਪੀ.ਐਸ.ਪੀ.ਸੀ.ਐਲ. ਵਿੱਚ ਤਰਸ ਦੇ ਆਧਾਰ `ਤੇ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।

ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ.) ਵਿੱਚ ਜੁਲਾਈ, 2022 ਤੱਕ 727 ਜੂਨੀਅਰ ਇੰਜੀਨੀਅਰ (ਸਬ ਸਟੇਸ਼ਨ), ਅਸਿਸਟੈਂਟ ਸਬ ਸਟੇਸ਼ਨ ਅਟੈਨਡੈਂਟਾਂ ਅਤੇ ਅਸਿਸਟੈਂਟ ਲਾਈਨਮੈਨ ਆਦਿ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ।

ਸ. ਈ.ਟੀ.ਓ. ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵਿੱਚ 624 ਨੌਜਵਾਨਾਂ ਨੂੰ ਜੇ.ਈ. ਅਤੇ ਕਲਰਕਾਂ ਦੀਆਂ ਅਸਾਮੀਆਂ ਵਿਰੁੱਧ ਭਰਤੀ ਕਰਨ ਦੀ ਪ੍ਰਕਿਰਿਆ ਜਾਰੀ ਹੈ ਅਤੇ ਛੇਤੀ ਹੀ ਉਨ੍ਹਾਂ ਨੂੰ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜ਼ਿਕਰ ਕਰਦਿਆਂ ਦੱਸਿਆ ਕਿ 1690 ਅਸਿਸਟੈਂਟ ਲਾਈਨ ਮੈਨਜ਼ ਨੂੰ ਭਰਤੀ ਕਰਨ ਲਈ ਇਸ਼ਤਿਹਾਰ ਜਾਰੀ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਯੋਗ ਨੌਜਵਾਨ ਛੇਤੀ ਹੀ ਇਨ੍ਹਾਂ ਅਸਾਮੀਆਂ `ਤੇ ਨਿਯੁਕਤ ਹੋਣਗੇ।

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਵਿਰੁੱਧ ਯੋਗ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਉਨ੍ਹਾਂ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਨੇ ਸੱਤਾ ਸੰਭਾਲਦਿਆਂ ਹੀ ਸਾਰੇ ਵਿਭਾਗਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦੀਆਂ ਹਦਾਇਤਾਂ ਦਿੱਤੀਆਂ ਸਨ।ਉਨ੍ਹਾਂ ਦੱਸਿਆ ਕਿ ਆਉਣ ਵਾਲੇ ਕੁੱਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿੱਚ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮਿਲੇਗਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..