April 20, 2024

Chandigarh Headline

True-stories

ਕਾਂਗਰਸ ਤੇ ਭਾਜਪਾ ਵੱਲੋਂ ਪੰਜਾਬ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਸਰਕਾਰ ਨੂੰ ਭੰਗ ਕਰਨ ਲਈ ਪਾਈ ਸਾਂਝ ਕਾਰਨ ਵਿਸ਼ਵਾਸ ਮਤਾ ਜ਼ਰੂਰੀ: ਮਾਨ

1 min read

ਚੰਡੀਗੜ੍ਹ, 27 ਸਤੰਬਰ, 2022: ਕਾਂਗਰਸ ਤੇ ਭਾਜਪਾ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਲਿਆਉਣਾ ਇਸ ਕਰ ਕੇ ਜ਼ਰੂਰੀ ਸੀ ਕਿਉਂਕਿ ਦੋਵਾਂ ਪਾਰਟੀਆਂ ਨੇ ਸੂਬੇ ਵਿੱਚ ਜਮਹੂਰੀ ਤਰੀਕੇ ਨਾਲ ਚੁਣੀ ਹੋਈਆਂ ਸਰਕਾਰਾਂ ਨੂੰ ਤੋੜਨ ਲਈ ਹੱਥ ਮਿਲਾ ਲਿਆ ਹੈ।

ਵਿਧਾਨ ਸਭਾ ਵਿੱਚ ਵਿਸ਼ਵਾਸ ਮਤਾ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਭਰ ਵਿੱਚ ਪਿਛਲੇ ਦਰਵਾਜ਼ਿਓ ਆਪਣੀਆਂ ਸਰਕਾਰਾਂ ਬਣਾਉਣ ਲਈ ਦਲ-ਬਦਲੀ ਵਿਰੋਧੀ ਕਾਨੂੰਨ ਦੀ ਵਰਤੋਂ ਨਵੇਂ ਹਥਿਆਰ ਵਜੋਂ ਕਰ ਰਹੀ ਹੈ ਅਤੇ ਬਦਕਿਸਮਤੀ ਨਾਲ ਇਸ ਦੀ ਸਭ ਤੋਂ ਵੱਡੀ ਪੀੜਤ ਹੋਣ ਦੇ ਬਾਵਜੂਦ ਕਾਂਗਰਸ ਇਸ ਦੀ ਹਮਾਇਤ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਵਿਧਾਇਕਾਂ ਨੂੰ ਲੁਭਾ ਕੇ ਮੱਧ ਪ੍ਰਦੇਸ਼, ਮਹਾਰਾਸ਼ਟਰ, ਕਰਨਾਟਕ ਤੇ ਹੋਰ ਸੂਬਿਆਂ ਵਿੱਚ ਚੁਣੀਆਂ ਹੋਈਆਂ ਸਰਕਾਰਾਂ ਭੰਗ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਤਿੰਨ ਦਫ਼ਾ ਸਰਕਾਰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ ਅਤੇ ਹੁਣ ਪੰਜਾਬ ਵਿੱਚ ਪੈਸੇ ਨਾਲ ਵਿਧਾਇਕਾਂ ਨੂੰ ਖਰੀਦਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸੂਬੇ ਵਿੱਚ ਸੱਤਾ ਹਾਸਲ ਦੀ ਮ੍ਰਿਗ ਤ੍ਰਿਸ਼ਨਾ ਪਿੱਛੇ ਭੱਜ ਰਹੀ ਹੈ ਅਤੇ ਇਸ ਕਦਮ ਰਾਹੀਂ ਉਹ ‘ਦੁੱਕੀਆਂ ਨਾਲ ਆਪ ਦੇ ਯੱਕੇ ਖਰੀਦਣ’ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਪੈਸੇ ਦੇ ਬੈਗਾਂ ਦੀ ਵਰਤੋਂ ਕਰ ਕੇ ਜਮਹੂਰੀਅਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਾਂਗਰਸ ਵੀ ਇਹੋ ਕਰਦੀ ਰਹੀ ਹੈ ਅਤੇ ਹੁਣ ਇਹ ਭਗਵਾ ਪਾਰਟੀ ਕਾਂਗਰਸ ਦੇ ਨਕਸ਼ੇ ਕਦਮ ਉਤੇ ਚੱਲ ਰਹੀ ਹੈ। ਕਾਂਗਰਸ ਤੇ ਭਾਜਪਾ ਦੀ ਸਾਂਝ ਦਾ ਹਵਾਲਾ ਦਿੰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੀ ਲੀਡਰਸ਼ਿਪ ਨੇ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕੀਤੀ ਹੈ ਪਰ ਇਸ ਯਾਤਰਾ ਦੌਰਾਨ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਰਗੇ ਰਾਜਾਂ ਤੋਂ ਜਾਣਬੁੱਝ ਕੇ ਦੂਰੀ ਰੱਖੀ ਗਈ ਹੈ ਤਾਂ ਕਿ ਚੋਣਾਂ ਵਿੱਚ ਭਾਜਪਾ ਨੂੰ ਲਾਹਾ ਦਿੱਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸਿਆਸਤ ਵਿੱਚ ਲੋਕ ਭਲਾਈ ਦਾ ਨਵਾਂ ਏਜੰਡਾ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਭਾਜਪਾ ਲੀਡਰਸ਼ਿਪ ਨੂੰ ਆਪਣਾ ਵੰਡ ਪਾਊ ਏਜੰਡਾ ਛੱਡ ਕੇ ਲੋਕਾਂ ਦੀ ਭਲਾਈ ਬਾਰੇ ਗੱਲ ਕਰਨ ਲਈ ਮਜਬੂਰ ਹੋਣਾ ਪਿਆ। ਭਗਵੰਤ ਮਾਨ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਦਾ ਪ੍ਰਭਾਵ ਹੈ ਕਿ ਜਿਹੜੇ ਲੀਡਰ ਲੋਕਾਂ ਨੂੰ ਵੰਡਦੇ ਸਨ, ਉਹ ਹੁਣ ਸਕੂਲਾਂ, ਕਾਲਜਾਂ ਤੇ ਹਸਪਤਾਲਾਂ ਦੇ ਉਦਘਾਟਨ ਕਰਦੇ ਨਜ਼ਰ ਆ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਭਾਜਪਾ ਵਿੱਚ ਦਲ-ਬਦਲੂ ਰਾਜ ਕਰ ਰਹੇ ਹਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਹੜੇ ਮੁੱਖ ਮੰਤਰੀ ਵਜੋਂ ਆਪਣੇ ਕਾਰਜਕਾਲ ਦੌਰਾਨ ਭਾਜਪਾ ਦੇ ਇਸ਼ਾਰੇ ਉਤੇ ਚੱਲ ਰਹੇ ਸਨ, ਨੇ ਹੁਣ ਰਸਮੀ ਤੌਰ ਉਤੇ ਭਾਜਪਾ ਦਾ ਪੱਲਾ ਫੜ ਲਿਆ ਹੈ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਉਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਪਹਿਲੀ ਦਫ਼ਾ ਹੋਇਆ ਹੈ ਕਿ ਚੋਣਾਂ ਵਿੱਚ ਹਾਰ ਮਗਰੋਂ ਕਿਸੇ ਪਾਰਟੀ ਦਾ ਮੁੱਖ ਮੰਤਰੀ ਦਾ ਚਿਹਰਾ ਹੀ ਗਾਇਬ ਹੋ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਚੰਨੀ ਦੇ ਕਾਰਜਕਾਲ ਵਿੱਚ ਹੋਈਆਂ ਬੇਨਿਯਮੀਆਂ ਕਾਰਨ ਹੀ ਉਹ ਹੁਣ ਗਾਇਬ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਕੋਈ ਕੰਮ ਨਾ ਕਰਨ ਕਾਰਨ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੂਬਾਈ ਵਿਧਾਨ ਸਭਾ ਤੋਂ ਬਾਹਰ ਕੀਤਾ ਪਰ ਇਹ ਆਗੂ ਹੁਣ ‘ਖਿਆਲੀ ਜਾਂ ਮੌਕ ਸੈਸ਼ਨ’ ਕਰਵਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਅਤੇ ਆਪਣੀ ਨਿਰਾਸ਼ਾ ਕੱਢ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਉਮੀਦ ਨੂੰ ਵੋਟ ਪਾਈ ਅਤੇ ਆਮ ਆਦਮੀ ਪਾਰਟੀ (ਆਪ) ਸੂਬੇ ਨੂੰ ਦੇਸ਼ ਭਰ ਵਿੱਚੋਂ ਮੋਹਰੀ ਬਣਾਉਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਜਨਤਕ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਤਿਹਾਸਕ ਸਕੀਮ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਪਾਸ ਕੀਤੀ ਅਤੇ ਸੂਬੇ ਭਰ ਵਿੱਚ 100 ਦੇ ਕਰੀਬ ਆਮ ਆਦਮੀ ਕਲੀਨਿਕ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸਮਰਪਿਤ ਕੀਤੇ ਗਏ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਲੱਖਾਂ ਘਰਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇੱਕ ਪਾਸੇ ਨਵੀਂ ਭਰਤੀ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੂਜੇ ਪਾਸੇ ਠੇਕੇ `ਤੇ ਰੱਖੇ ਮੁਲਾਜ਼ਮਾਂ ਦੀਆਂ ਨੌਕਰੀਆਂ ਰੈਗੂਲਰ ਕਰਨ ਦੀ ਪ੍ਰਕਿਰਿਆ ਵੀ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਉਨ੍ਹਾਂ ਦੇ ਘਰਾਂ ਉਤੇ ਜਾ ਕੇ ਆਟਾ-ਦਾਲ ਮੁਹੱਈਆ ਕਰਵਾਉਣ ਦੀ ਯੋਜਨਾ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਤੰਤਰ ਵਿੱਚ ਸਰਕਾਰ ਲੋਕਾਂ ਦੀ, ਲੋਕਾਂ ਵੱਲੋਂ ਅਤੇ ਲੋਕਾਂ ਲਈ ਹੁੰਦੀ ਹੈ ਪਰ ਭਾਜਪਾ ਅਤੇ ਕਾਂਗਰਸ ‘ਅਪਰੇਸ਼ਨ ਲੋਟਸ’ ਰਾਹੀਂ ਲੋਕਾਂ ਦੇ ਫ਼ਤਵੇ ਦਾ ਅਪਮਾਨ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਰਾਸ਼ਟਰਪਤੀ ਭਵਨ ਵਿੱਚ ਸਥਿਤ ਮੁਗਲ ਗਾਰਡਨ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਉਸ ਵਿੱਚ ਵੱਖ-ਵੱਖ ਕਿਸਮਾਂ ਦੇ ਫੁੱਲ ਹਨ, ਜਿਸ ਕਾਰਨ ਲੋਕ ਇਨ੍ਹਾਂ ਦੀ ਵੰਨ-ਸੁਵੰਨਤਾ ਦੇਖਣ ਜਾਂਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸੇ ਤਰ੍ਹਾਂ ਜਮਹੂਰੀਅਤ ਵਿੱਚ ਵਿਰੋਧੀ ਧਿਰ ਅਤੇ ਸੱਤਾਧਾਰੀ ਬੈਂਚ ਦੀ ਆਪਣੀ ਵੱਖੋ-ਵੱਖਰੀ ਅਹਿਮੀਅਤ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅੱਜ-ਕੱਲ੍ਹ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੀ ਰਵਾਇਤ ਬਣ ਗਈ ਹੈ ਅਤੇ ਇੱਥੋਂ ਤੱਕ ਕਿ ਸਿਆਸੀ ਆਗੂ ਅਕਸਰ ਇਸ ਤੇ ਮਾਣ ਮਹਿਸੂਸ ਕਰਦੇ ਹਨ। ਉਨ੍ਹਾਂ ਕਿਹਾ ਕਿ ਇਸ ਰਾਹੀਂ ਜਮਹੂਰੀਅਤ ਦੀ ਰੂਹ ਨੂੰ ਠੇਸ ਪਹੁੰਚਾਈ ਜਾਂਦੀ ਹੈ, ਜੋ ਉਸਾਰੂ ਸੰਕੇਤ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਸਰਕਾਰ ਦੀਆਂ ਨੀਤੀਆਂਤੇ ਪੂਰਾ ਭਰੋਸਾ ਪ੍ਰਗਟ ਕੀਤਾ ਅਤੇ ਇਸ ਵਿਸ਼ਵਾਸ ਨੂੰ ਬਹਾਲ ਕਰਨ ਲਈ ਇਹ ਮਤਾ ਪੇਸ਼ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਮਤਾ ਦਰਸਾਉਂਦਾ ਹੈ ਕਿ ਲੋਕਾਂ ਦਾ ਸਾਡੇ ਵਿੱਚ ਵਿਸ਼ਵਾਸ ਹੈ ਅਤੇ ਸਾਨੂੰ ਲੋਕਾਂ ਵਿੱਚ ਵਿਸ਼ਵਾਸ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਲੋਕਾਂ ਦਾ ਭਰੋਸਾ ਖੋਹਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ ਪਰ ਅਜਿਹਾ ਕਿਸੇ ਵੀ ਕੀਮਤ `ਤੇ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਾਰ-ਜ਼ਿੰਦਗੀ ਦਾ ਹਿੱਸਾ ਹੈ ਪਰ ਕਾਂਗਰਸ ਇਸ ਨੂੰ ਹਜ਼ਮ ਨਹੀਂ ਕਰ ਪਾ ਰਹੀ, ਜਿਸ ਕਾਰਨ ਉਹ ‘ਅਪਰੇਸ਼ਨ ਲੋਟਸ’ ਦੇ ਹੱਕ ਵਿੱਚ ਉੱਤਰੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਂਗਰਸ ਦੇ ਦੀਵਾਲੀਏਪਣ ਨੂੰ ਦਰਸਾਉਂਦਾ ਹੈ ਜੋ ਹੁਣ ਆਪਣੇ ਵਿਧਾਇਕਾਂ ਨੂੰ ਵੇਚਣ ਦੀ ਹੱਦ ਤੱਕ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਨੇ ‘ਭਾਰਤ ਜੋੜੋ’ ਯਾਤਰਾ ਕੱਢੀ ਹੈ ਪਰ ਉਹ ਰਾਜਸਥਾਨ ਵਿੱਚ ਆਪਣਾ ਘਰ ਨਹੀਂ ਸੰਭਾਲ ਸਕੀ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਆੜੇ ਹੱਥੀਂ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ‘ਅਪਰੇਸ਼ਨ ਲੋਟਸ` ਫੇਲ੍ਹ ਹੋ ਜਾਣ ਦੇ ਸਦਮੇ ਵਿਚ ਹਨ, ਜਿਵੇਂ ਉਨ੍ਹਾਂ ਦੀਆਂ ਗੁੱਝੀਆਂ ਸਕੀਮਾਂ ਧਰੀਆ-ਧਰਾਈਆਂ ਰਹਿ ਗਈਆਂ ਹੋਣ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਮਤੇ ਰਾਹੀਂ ਤੱਥਾਂ ਨੂੰ ਲੋਕਾਂ ਸਾਹਮਣੇ ਰੱਖਿਆ ਜਾ ਰਿਹਾ ਹੈ ਕਿਉਂਕਿ ਸੈਸ਼ਨ ਲਾਈਵ ਚੱਲ ਰਿਹਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਇਸ ਸੈਸ਼ਨ ਦੀ ਮੰਗ ਕਰ ਰਹੇ ਸਨ, ਉਹ ਬਹਿਸ ਤੋਂ ਭੱਜ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸੀ ਆਗੂ ਭਾਜਪਾ ਦੀ ‘ਬੀ` ਟੀਮ ਵਜੋਂ ਕੰਮ ਕਰ ਰਹੇ ਹਨ ਅਤੇ ਇਹ ਮੰਦਭਾਗੀ ਗੱਲ ਹੈ ਕਿ ਕਾਂਗਰਸੀ ਆਗੂਆਂ ਨੇ ਵਿਧਾਨ ਸਭਾ ਦੇ ਬਹੁਤ ਹੀ ਸਤਿਕਾਰਤ ਅਹੁਦੇ ਵਾਲੇ ਸਪੀਕਰ ਵਿਰੁੱਧ ਸ਼ਰਮਨਾਕ ਨਾਅਰੇਬਾਜ਼ੀ ਕੀਤੀ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..