October 22, 2024

Chandigarh Headline

True-stories

ਬੀਬੀ ਜਗੀਰ ਕੌਰ ਨੂੰ ਸੁਖਬੀਰ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਵਿਰੋਧ ਕਰਨ `ਤੇ ਬਾਹਰ ਦਾ ਰਸਤਾ ਵਿਖਾਇਆ ਗਿਆ: ਸੁਖਦੇਵ ਢੀਂਡਸਾ

ਚੰਡੀਗੜ੍ਹ, 3 ਨਵੰਬਰ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰਨਾਂ ਆਹੁਦੇਦਾਰਾਂ ਦੀ ਹੋਣ ਵਾਲੀ ਚੋਣ ਵਿੱਚ ਲਿਫ਼ਾਫ਼ਾ ਕਲਚਰ ਦੇ ਖ਼ਿਲਾਫ਼ ਆਵਾਜ਼ ਚੁੱਕਣ ਵਾਲੀ ਬੀਬੀ ਜਗੀਰ ਕੌਰ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਜੋ ਵੀ ਵਿਰੋਧ ਕਰਦਾ ਹੈ ਉਸ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਜਾਂਦਾ ਹੈ ਅਤੇ ਬੀਬੀ ਜਗੀਰ ਕੌਰ ਵੱਲੋਂ ਜਦੋਂ ਸੁਖਬੀਰ ਸਿੰਘ ਬਾਦਲ ਦੀਆਂ ਪੰਥ ਵਿਰੋਧੀ ਨੀਤੀਆਂ ਦਾ ਵਿਰੋਧ ਕੀਤਾ ਗਿਆ ਤਾਂ ਉਹਨਾਂ ਨੂੰ ਵੀ ਪਾਰਟੀ ਤੋਂ ਮੁਅੱਤਲ ਕਰਨ ਦਾ ਫਰਮਾਨ ਜਾਰੀ ਕਰ ਦਿੱਤਾ ਗਿਆ। ਢੀਂਡਸਾ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਐਸਜੀਪੀਸੀ ਦੀਆਂ 9 ਨਵੰਬਰ ਨੂੰ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਦੀ ਹੋਣ ਵਾਲੀ ਚੋਣ ਵਿਚ ਆਪਣੀ ਜ਼ਮੀਰ ਦੀ ਆਵਾਜ਼ ਸੁਣਦੇ ਹੋਏ ਬਾਦਲ ਦਲ ਦੇ ਖਿਲਾਫ਼ ਵੋਟ ਪਾਉਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਦੀਆਂ ਅਪਹੁਦਰੀਆਂ ਅਤੇ ਤਾਨਾਸ਼ਹੀ ਰਵੱਈਏ ਦਾ ਵਿਰੋਧ ਕਰਕੇ ਕੋਈ ਗਲਤ ਗੱਲ ਨਹੀ ਕੀਤੀ ਹੈ। ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਨੂੰ ਸਿਰਫ਼ ਲਿਫਾਫਾ ਕਲਚਰ ਖਤਮ ਕਰਕੇ ਲੋਕਤਾਂਤਰਿਕ ਤਰੀਕੇ ਨਾਲ ਐਸਜੀਪੀਸੀ ਦਾ ਪ੍ਰਧਾਨ ਚੁਣੇ ਜਾਣ ਦੀ ਅਪੀਲ ਕੀਤੀ ਸੀ। ਜਿਸ ਦੇ ਨਤੀਜ਼ੇ ਵਜੋਂ ਉਨ੍ਹਾਂ ਨੂੰ ਪਾਰਟੀ ਤੋਂ ਹੀ ਮੁਅੱਤਲ ਕਰ ਦਿੱਤਾ ਗਿਆ।

ਉਨ੍ਹਾਂ ਆਖਿਆ ਕਿ ਰਾਜਨੀਤੀ ਕਦੇ ਵੀ ਧਰਮ ਤੋਂ ਉਪਰ ਨਹੀ ਹੋ ਸਕਦੀ ਪ੍ਰੰਤੂ ਸੁਖਬੀਰ ਬਾਦਲ ਸ਼ੁਰੂ ਤੋਂ ਆਪਣੇ ਨਿੱਜੀ ਹਿੱਤਾਂ ਨੂੰ ਪੂਰਾ ਕਰਨ ਲਈ ਪੰਥ ਨੂੰ ਵਰਤਦਾ ਆਇਆ ਹੈ। ਇਸਲਈ ਪੰਥ ਨੂੰ ਬਚਾਉਣ ਲਈ ਸੁਖਬੀਰ ਸਿੰਘ ਬਾਦਲ ਦਾ ਪਾਸੇ ਹੋਣਾ ਬੇਹੱਦ ਲਾਜ਼ਮੀ ਹੈ ਅਤੇ ਜਿਸ ਦਿਨ ਸੁਖਬੀਰ ਬਾਦਲ ਨੂੰ ਪਾਸੇ ਕਰ ਦਿਤਾ ਗਿਆ, ਉਸੇ ਦਿਨ ਸਾਰੇ ਅਕਾਲੀ ਇਕੱਠੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਪੰਥਕ ਏਜੰਡੇ ਨੂੰ ਪੂਰੀ ਤਰ੍ਹਾਂ ਨਾਲ ਤਿਲਾਂਜਲੀ ਦਿੱਤੇ ਜਾਣ ਕਾਰਨ ਹੀ ਸੱਦੀ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਚੋਣਾਂ ਵਿਚ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਢੀਂਡਸਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਤੋਂ ਬਾਦਲ ਪਰਿਵਾਰ ਦਾ ਗਲਬਾ ਹਟਾਉਣ ਲਈ ਸਭ ਨੂੰ ਇਕਜੁੱਟ ਹੋਣਾ ਚਾਹੀਦਾ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..