March 29, 2024

Chandigarh Headline

True-stories

ਸਿਰਫ਼ 10 ਮਹੀਨਿਆਂ ਵਿੱਚ 25885 ਸਰਕਾਰੀ ਨੌਕਰੀਆਂ ਦੇਣ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਬਾਰੇ ਸਾਡੀ ਵਚਨਬੱਧਤਾ ਝਲਕੀ: ਮੁੱਖ ਮੰਤਰੀ

1 min read

ਚੰਡੀਗੜ੍ਹ, 16 ਜਨਵਰੀ, 2023: ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਸਿਰਜਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਸਿਰਫ਼ 10 ਮਹੀਨਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ 25886 ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਇੱਥੇ ਮਿਊਂਸਿਪਲ ਭਵਨ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਭਰਤੀ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਤਕਨੀਸ਼ੀਅਨਾਂ ਅਤੇ 17 ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਿਸ ਆਡੀਟੋਰੀਅਮ ਵਿੱਚ ਇਹ ਸਮਾਗਮ ਹੋ ਰਿਹਾ ਹੈ, ਉਹ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦਾ ਗਵਾਹ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 25886 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ 10 ਮਹੀਨਿਆਂ ਦੌਰਾਨ ਇੰਨੇ ਵੱਡੇ ਪੱਧਰ ਉਤੇ ਦਿੱਤੀਆਂ ਨੌਕਰੀਆਂ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਵਚਨਬੱਧਤਾ ਝਲਕਦੀ ਹੈ।

ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਨੂੰ ਦੁਨੀਆ ਭਰ ਵਿੱਚੋਂ ‘ਸਿਹਤ ਸੰਭਾਲ ਹੱਬ’ ਵਜੋਂ ਉਭਾਰਨ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਗਾਮੀ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਉਸਾਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਯਕੀਨੀ ਬਣੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਲਜ ਇਕ ਪਾਸੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨਗੇ, ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਨ ਵਿੱਚ ਵੀ ਮਦਦਗਾਰ ਹੋਣਗੇ।

ਆਮ ਆਦਮੀ ਕਲੀਨਿਕਾਂ ਰਾਹੀਂ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਆਉਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਕੁੱਲ ਮਰੀਜ਼ਾਂ ਵਿੱਚੋਂ 95 ਫੀਸਦੀ ਤੋਂ ਵੱਧ ਨੂੰ ਆਪਣੀਆਂ ਬਿਮਾਰੀਆਂ ਤੋਂ ਨਿਜ਼ਾਤ ਮਿਲੀ ਹੈ। ਉਨ੍ਹਾਂ ਕਿਹਾ ਕਿ 15 ਅਗਸਤ, 2022 ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 10 ਲੱਖ ਤੋਂ ਵੱਧ ਮਰੀਜ਼ ਆਪਣੇ ਇਲਾਜ ਲਈ ਆ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਵਿੱਚ ਇਹ ਕਲੀਨਿਕ ਅਹਿਮ ਭੂਮਿਕਾ ਨਿਭਾ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਮੁਕੰਮਲ ਤਬਦੀਲੀ ਲਿਆਉਣ ਲਈ ਸੂਬਾ ਸਰਕਾਰ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਦੀ ਕਾਇਆ-ਕਲਪ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖੇਤਰਾਂ ਵਿੱਚ ਸੁਧਾਰ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਖੇਤਰਾਂ ਤੋਂ ਲਾਹਾ ਲੈਣ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਨ੍ਹਾਂ ਖੇਤਰਾਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਸੂਬਾ ਇਨ੍ਹਾਂ ਖੇਤਰਾਂ ਵਿੱਚ ਪਿੱਛੇ ਰਹਿ ਗਿਆ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਗਤੀ ਦੇਣ ਲਈ ਅਣਥੱਕ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਨਅਤਕਾਰ ਖ਼ਾਸ ਸਿਆਸੀ ਪਰਿਵਾਰਾਂ ਨਾਲ ਹੀ ਗੱਲਬਾਤ ਤੇ ਸਮਝੌਤੇ ਕਰਦੇ ਸਨ ਪਰ ਹੁਣ ਸਨਅਤਕਾਰ ਪੰਜਾਬ ਅਤੇ ਪੰਜਾਬ ਦੇ ਤਿੰਨ ਕਰੋੜ ਲੋਕਾਂ ਨਾਲ ਸਮਝੌਤੇ ਕਰਦੇ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚ ਸਨਅਤੀ ਹੱਬ ਵਜੋਂ ਉੱਭਰੇਗਾ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ ਤੇ ਸਿਹਤ ਸੰਭਾਲ ਖੇਤਰ ਨੂੰ ਮਜ਼ਬੂਤ ਕਰਨ ਨਾਲ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਪੜ੍ਹੀ-ਲਿਖੀ ਜਵਾਨੀ ਦੇ ਸੂਬੇ ਤੋਂ ਵਿਦੇਸ਼ਾਂ ਵੱਲ ਜਾਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਕੰਮਾਂ ਵਿੱਚ ਲਾਉਣ ਲਈ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਡਾਕਟਰਾਂ ਤੇ ਸਿਹਤ ਵਰਕਰਾਂ ਨਾਲ ਆਪਣੀ ਭਾਵਨਾਤਮਕ ਸਾਂਝ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਇਕ ਡਾਕਟਰ ਵੱਲੋਂ ਪੰਜ ਸਾਲ ਦੀ ਉਮਰ ਵਿੱਚ ਕੀਤੇ ਆਪਣੇ ਇਕ ਵੱਡੇ ਅਪਰੇਸ਼ਨ ਦੀ ਯਾਦ ਸਾਂਝੀ ਕੀਤੀ। ਉਨ੍ਹਾਂ ਡਾਕਟਰਾਂ ਤੇ ਸਿਹਤ ਸੰਭਾਲ ਵਰਕਰਾਂ ਨੂੰ ਆਖਿਆ ਕਿ ਉਹ ਮਰੀਜ਼ਾਂ ਖ਼ਾਸ ਤੌਰ ਉਤੇ ਪਛੜੇ ਵਰਗ ਦੇ ਮਰੀਜ਼ਾਂ ਨਾਲ ਅਪਣੱਤ ਨਾਲ ਪੇਸ਼ ਆਉਣ। ਭਗਵੰਤ ਮਾਨ ਨੇ ਕਿਹਾ ਕਿ ਮਨੁੱਖਤਾ ਦੀ ਇਸ ਅਸਲ ਸੇਵਾ ਨੂੰ ਮਿਸ਼ਨਰੀ ਉਤਸ਼ਾਹ ਨਾਲ ਕਰਨ ਦੀ ਲੋੜ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨਾਂ ਵਿੱਚ ਮੈਡੀਕਲ ਸਹਾਇਤਾ ਕਿੱਟਾਂ ਰੱਖਣ ਤਾਂ ਜੋ ਐਮਰਜੈਂਸੀ ਦੀ ਹਾਲਤ ਵਿੱਚ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਐਮਰਜੈਂਸੀ ਹਾਲਾਤ ਵਿੱਚ ਪਹਿਲਾ ਘੰਟਾ ਬਹੁਤ ਜ਼ਿਆਦਾ ਨਾਜ਼ੁਕ ਹੁੰਦਾ ਹੈ। ਇਸ ‘ਗੋਲਡਨ ਆਵਰ’ ਵਿੱਚ ਲੋਕਾਂ ਦੀ ਕੀਮਤੀ ਜਾਨ ਬਚਾਉਣ ਉਤੇ ਧਿਆਨ ਕੇਂਦਰਤ ਕਰਨਾ ਯਕੀਨੀ ਬਣਾਇਆ ਜਾਵੇ। ਭਗਵੰਤ ਮਾਨ ਨੇ ਸੜਕ ਹਾਦਸਿਆਂ ਦੇ ਮਾਮਲੇ ਵਿੱਚ ਜ਼ਖ਼ਮੀਆਂ ਦੀਆਂ ਜਾਨਾਂ ਬਚਾਉਣ ਲਈ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..