ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਆਰ.ਟੀ.ਏ. ਦਫ਼ਤਰ ਦੀ ਅਚਨਚੇਤ ਚੈਕਿੰਗ
1 min readਪਟਿਆਲਾ, 18 ਜਨਵਰੀ, 2023: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਬਾਅਦ ਦੁਪਹਿਰ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ ਡੀ ‘ਚ ਸਥਿਤ ਸਕੱਤਰ, ਰੀਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ ‘ਤੇ ਸਥਿਤ ਆਟੋਮੇਟੇਡ ਡਰਾਇਵਿੰਗ ਟਰੈਕ ਟੈਸਟ ਅਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ।
ਲਾਲਜੀਤ ਸਿੰਘ ਭੁੱਲਰ ਨੇ ਇਸ ਦੌਰਾਨ ਆਰ.ਟੀ.ਏ. ਦਫ਼ਤਰ ਵਿਖੇ ਆਪਣੇ ਕੰਮਾਂ-ਕਾਰਾਂ ਲਈ ਪੁੱਜੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਦਫ਼ਤਰ ਵਿੱਚ ਕਿਸੇ ਕਿਸਮ ਦੀ ਸ਼ਿਕਾਇਤ ਆਦਿ ਬਾਰੇ ਲੋਕਾਂ ਦੀ ਫੀਡਬੈਕ ਵੀ ਹਾਸਲ ਕੀਤੀ। ਉਨ੍ਹਾਂ ਨੇ ਦਫ਼ਤਰੀ ਅਮਲੇ ਪਾਸੋਂ ਉਨ੍ਹਾਂ ਦੇ ਕੰਮ-ਕਾਜ ਬਾਬਤ ਬਾਰੀਕੀ ਨਾਲ ਪੁੱਛਗਿੱਛ ਕੀਤੀ ਅਤੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਅਧਾਰ ‘ਤੇ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਖੱਜਲਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।
ਟਰਾਂਸਪੋਰਟ ਮੰਤਰੀ ਨੇ ਡਰਾਇਵਿੰਗ ਟਰੈਕ ਅਤੇ ਆਰ.ਟੀ.ਏ. ਦਫ਼ਤਰ ਵਿਖੇ ਮੁਲਾਜਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਸਖ਼ਤ ਸੁਨੇਹੇ ਤੋਂ ਜਾਣੂ ਕਰਵਾਉਂਦਿਆਂ ਆਦੇਸ਼ ਦਿੱਤੇ ਕਿ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਲੋਕਾਂ ਨੂੰ ਖੱਜਲ ਖੁਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਏ. ਤੇ ਡਰਾਇਵਿੰਗ ਟਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਕਿ ਨਵੀਆਂ ਆਰ.ਸੀਜ, ਟਰੱਕਾਂ ਦੇ ਪਰਮਿਟ, ਰਿਨਿਊਲ ਤੇ ਡਰਾਇਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਹਾਇਕ ਆਰ.ਟੀ.ਏ. ਸ਼ਾਮ ਲਾਲ ਤੇ ਹੋਰ ਕਰਮਚਾਰੀਆਂ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਸਮੇਂ ਦੇ ਨਾਲ-ਨਾਲ ਆਪਣੇ ਆਪ ਨੂੰ ਅਪਡੇਟ ਰੱਖਣ।
ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਦਾ ਵੀ ਨਿਰੀਖਣ ਕੀਤਾ ਅਤੇ ਇੱਥੇ ਡਰਾਇਵਰ-ਕੰਡਕਟਰ ਟ੍ਰੇਨਿੰਗ ਸਕੂਲ, ਟਾਇਰ ਪਲਾਂਟ ਸਮੇਤ ਬੱਸ ਬਾਡੀ ਫੈਬਰੀਕੇਸ਼ਨ ਸੈਲ ਦਾ ਵੀ ਜਾਇਜ਼ਾ ਲਿਆ ਅਤੇ ਕਰਮਚਾਰੀਆਂ ਨਾਲ ਗੱਲਬਾਤ ਕੀਤੀ।
ਟਰਾਂਸਪੋਰਟ ਮੰਤਰੀ ਨੇ ਪੀ.ਆਰ.ਟੀ.ਸੀ. ਦੇ ਜੀ.ਐਮਜ ਪਰਵੀਨ ਕੁਮਾਰ ਤੇ ਮਨਿੰਦਰਪਾਲ ਸਿੰਘ ਸਿੱਧੂ ਅਤੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਨਾਲ ਬੈਠਕ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਪੀ.ਆਰ.ਟੀ.ਸੀ. ਅਤੇ ਪਨਬੱਸ ਨੂੰ ਚੋਰ ਮੋਰੀਆਂ ਬੰਦ ਕਰਕੇ ਵਿੱਤੀ ਤੌਰ ‘ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਇਸ ਲਈ ਸਰਕਾਰ ਦੀਆਂ ਹਦਾਇਤਾਂ ‘ਤੇ ਪੀ.ਆਰ.ਟੀ.ਸੀ. ਨੂੰ ਬੁਲੰਦੀਆਂ ‘ਤੇ ਲਿਜਾਣ ਲਈ ਕੋਈ ਕਮੀ ਬਾਕੀ ਨਾ ਛੱਡੀ ਜਾਵੇ।