July 27, 2024

Chandigarh Headline

True-stories

ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿੱਚ ਵਿਰਾਸਤੀ ਗਲੀ ਬਣਾਉਣ ਦਾ ਐਲਾਨ

1 min read

ਚੰਡੀਗੜ੍ਹ, 22 ਮਾਰਚ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..