October 16, 2024

Chandigarh Headline

True-stories

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਹਿਮਾਚਲ ਪ੍ਰਦੇਸ਼ ਸਰਕਾਰ ਦੇ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਫੈਸਲੇ ਦੀ ਨਿਖੇਧੀ

1 min read

ਚੰਡੀਗੜ੍ਹ, 22 ਮਾਰਚ, 2023: ਰਿਪੇਰੀਅਨ ਸਿਧਾਂਤ ਮੁਤਾਬਕ ਪਾਣੀ ਉਤੇ ਆਪਣਾ ਕਾਨੂੰਨੀ ਹੱਕ ਜਤਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਣ ਬਿਜਲੀ ਪ੍ਰਾਜੈਕਟਾਂ ਉਤੇ ਵਾਟਰ ਸੈੱਸ ਲਾਉਣ ਦੇ ਹਿਮਾਚਲ ਪ੍ਰਦੇਸ਼ ਸਰਕਾਰ ਦੇ ਫੈਸਲੇ ਦੀ ਨਿਖੇਧੀ ਕੀਤੀ।

ਹਿਮਾਚਲ ਪ੍ਰਦੇਸ਼ ਸਰਕਾਰ ਦੇ ਇਸ ਕਦਮ ਦੀ ਨਿਖੇਧੀ ਕਰਨ ਲਈ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪੇਸ਼ ਮਤੇ ਦੀ ਪ੍ਰੋੜ੍ਹਤਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਦੇ ਹਿੱਤਾਂ ਅਤੇ ਇਸ ਦੇ ਲੋਕਾਂ ਨਾਲ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਪੰਜਾਬ (ਪੰਜ ਦਰਿਆਵਾਂ ਦੀ ਧਰਤੀ) ਅੱਜ ਪੀਣ ਵਾਲੇ ਪਾਣੀ ਦੀ ਗੰਭੀਰ ਕਿੱਲਤ ਦਾ ਸਾਹਮਣਾ ਕਰ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਉਤੇ ਹਿਮਾਚਲ ਪ੍ਰਦੇਸ਼ ਸਰਕਾਰ ਦਾ ਇਹ ਕੋਝਾ ਹਮਲਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੁੱਖੂ ਸਰਕਾਰ ਦਾ ਇਹ ਕਦਮ ਗ਼ੈਰ-ਕਾਨੂੰਨੀ ਅਤੇ ਤਰਕਹੀਣ ਹੈ। ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਉਤੇ ਪੰਜਾਬ ਦਾ ਕਾਨੂੰਨੀ ਹੱਕ ਹੈ ਅਤੇ ਕੋਈ ਵੀ ਸੂਬੇ ਦਾ ਇਹ ਹੱਕ ਨਹੀਂ ਖੋਹ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਆਪਣੀ ਜ਼ਮੀਨ ਰਾਹੀਂ ਵਹਿ ਰਹੇ ਪਾਣੀ ਉਤੇ ਪੰਜਾਬ ਇਕ ਦੁਆਨੀ ਵੀ ਕਿਸੇ ਨੂੰ ਨਹੀਂ ਦੇਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦਾ ਇਹ ਕਦਮ ਦੇਸ਼ ਨੂੰ ਵੰਡਣ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ‘ਭਾਰਤ ਜੋੜੋ’ ਨਹੀਂ, ਸਗੋਂ ‘ਭਾਰਤ ਤੋੜੋ’ ਮੁਹਿੰਮ ਹੈ। ਉਨ੍ਹਾਂ ਪੰਜਾਬ ਦੇ ਕਾਂਗਰਸ ਆਗੂਆਂ ਦੀ ਵਿਧਾਨ ਸਭਾ ਵਿੱਚੋਂ ਗ਼ੈਰਹਾਜ਼ਰੀ ਉਤੇ ਸਵਾਲ ਚੁੱਕਦਿਆਂ ਆਖਿਆ ਕਿ ਜਦੋਂ ਸੂਬਾ ਪਾਣੀਆਂ ਬਾਰੇ ਗੰਭੀਰ ਮਸਲਿਆਂ ਉਤੇ ਵਿਚਾਰ ਕਰ ਰਿਹਾ ਹੈ ਤਾਂ ਉਹ ਸਦਨ ਵਿੱਚ ਹਾਜ਼ਰ ਹੀ ਨਹੀਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਹਮੇਸ਼ਾ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦਰਪੇਸ਼ ਸਾਰੇ ਮਸਲਿਆਂ ਦੇ ਹੱਲ ਲਈ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਸਰਕਾਰ ਦੇ ਇਸ ਸ਼ਰਮਨਾਕ ਕਾਰੇ ਨੇ ਸਾਬਤ ਕਰ ਦਿੱਤਾ ਹੈ ਕਿ ਕਾਂਗਰਸ ਦੇ ਕਈ ਚਿਹਰੇ ਹਨ ਅਤੇ ਉਹ ਹਮੇਸ਼ਾ ਸਿਆਸੀ ਸਹੂਲਤ ਲਈ ਆਪਣੇ ਇਨ੍ਹਾਂ ਚਿਹਰਿਆਂ ਨੂੰ ਵਰਤਦੀ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਸੰਘੀ ਢਾਂਚੇ ਬਾਰੇ ਵੱਡੇ-ਵੱਡੇ ਦਾਅਵੇ ਕਰਦੇ ਹਨ ਪਰ ਅਸਲ ਵਿੱਚ ਉਹ ਚੱਲਦੇ ਆਪਣੇ ਸਿਆਸੀ ਮੁਫ਼ਾਦ ਮੁਤਾਬਕ ਹੀ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਵਾਰ ਫਿਰ ਕਾਂਗਰਸ ਨੇ ਪੰਜਾਬ ਖ਼ਿਲਾਫ਼ ਸਾਜ਼ਿਸ਼ ਘੜੀ ਹੈ ਪਰ ਇਸ ਨੂੰ ਕਿਸੇ ਵੀ ਕੀਮਤ ਉਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸਲਾਹ ਦਿੱਤੀ ਕਿ ਉਹ ਸੂਬਿਆਂ ਦੀਆਂ ਤਾਕਤਾਂ ਘਟਾਉਣ ਵਾਲੇ ਅਜਿਹੇ ਕਦਮ ਚੁੱਕਣ ਤੋਂ ਸੰਕੋਚ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਸੂਬਿਆਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਅਜਿਹੇ ਮਸਲੇ ਚੁੱਕਣ ਨਾਲ ਕੇਂਦਰ ਸਰਕਾਰ ਨੂੰ ਸੂਬੇ ਨਾਲ ਸਬੰਧਤ ਮਸਲਿਆਂ ਵਿੱਚ ਬੇਲੋੜੀ ਦਖ਼ਲਅੰਦਾਜ਼ੀ ਦਾ ਮੌਕਾ ਮਿਲਿਆ ਹੈ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਜੇ ਕਾਂਗਰਸ ਸਰਕਾਰ ਆਪਣੇ ਮਨਸੂਬੇ ਨੂੰ ਅੱਗੇ ਵਧਾਉਂਦੀ ਹੈ ਤਾਂ ਉਹ ਕਿਹੜੇ ਮੂੰਹ ਨਾਲ ਦੇਸ਼ ਵਿੱਚ ਸੰਘੀ ਢਾਂਚੇ ਬਾਰੇ ਦਾਅਵੇ ਕਰੇਗੀ।

ਸੂਬੇ ਵਿੱਚ ਪਾਣੀ ਦੀ ਕਿੱਲਤ ਦੀ ਸਮੱਸਿਆ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਬੇਤਰਸੀ ਨਾਲ ਵਰਤੋਂ ਕਾਰਨ ਸੂਬੇ ਦਾ ਬਹੁਤਾ ਇਲਾਕਾ ‘ਡਾਰਕ ਜ਼ੋਨ’ ਵਿੱਚ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਸੂਬੇ ਦੇ ਇਕੋ-ਇਕ ਕੁਦਰਤੀ ਸਰੋਤ ਪਾਣੀ ਦੀ ਬੇਦਰਦੀ ਨਾਲ ਵਰਤੋਂ ਕਰਕੇ ਦੇਸ਼ ਲਈ ਝੋਨਾ ਪੈਦਾ ਕੀਤਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਇਸ ਵਡੇਰੇ ਯੋਗਦਾਨ ਨੂੰ ਮਾਨਤਾ ਦੇਣ ਦੀ ਥਾਂ ਸੂਬੇ ਦੇ ਹਿੱਤਾਂ ਨਾਲ ਖਿਲਵਾੜ ਕਰਨ ਲਈ ਅਜਿਹੀਆਂ ਯੋਜਨਾਵਾਂ ਬਣਾਈਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤਾ ਵੱਡਾ ਦੁਖਾਂਤ ਹੈ ਕਿ ਸੂਬੇ ਦੇ ਬਿਲਕੁੱਲ ਵਿਚਕਾਰ ਪੈਂਦਾ ਜ਼ਿਲ੍ਹਾ ਵੀ ਹੁਣ ਨਹਿਰੀ ਪਾਣੀ ਦੇ ਟੇਲਾਂ ਉਤੇ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਸੂਬਾ ਸਰਕਾਰ ਪੰਜਾਬ ਦੇ ਵਿਕਾਸ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ, ਦੂਜੇ ਪਾਸੇ ਸੂਬੇ ਨਾਲ ਖਿਲਵਾੜ ਕਰਨ ਵਾਲੀਆਂ ਤਾਕਤਾਂ ਅਜਿਹੇ ਕਦਮ ਚੁੱਕ ਰਹੀਆਂ ਹਨ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਰ ਕੀਮਤ ਉਤੇ ਸੂਬੇ ਦੇ ਹਿੱਤਾਂ ਦੀ ਰਾਖੀ ਕਰੇਗੀ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..