ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਕਿਹਾ, ਅਧਿਕਾਰੀਆਂ ਨੂੰ ਗਿਰਦਾਵਰੀ ਜਲਦੀ ਕਰਨ ਦੇ ਨਿਰਦੇਸ਼
1 min readਚੰਡੀਗੜ੍ਹ, 2 ਅਪ੍ਰੈਲ 2023: ਵਿਸਾਖੀ ਦੇ ਤਿਉਹਾਰ ਤੋਂ ਪਹਿਲਾਂ ਕਿਸਾਨਾਂ ਦੀ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਅਧਿਕਾਰੀਆਂ ਨੂੰ ਗਿਰਦਾਵਰੀ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਨਿਬੇੜੇ ਲਈ ਫੀਲਡ ਦੇ ਦੌਰੇ ਵਧਾਉਣ ਲਈ ਕਿਹਾ ਹੈ।
ਮੁੱਖ ਮੰਤਰੀ ਨੇ ਕਿਹਾ, “ਵਿਧਾਇਕਾਂ ਨੂੰ ਕਿਸਾਨਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣਨੀਆਂ ਚਾਹੀਦੀਆਂ ਹਨ। ਇਸੇ ਤਰ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਸ਼ੇਸ਼ ਗਿਰਦਾਵਰੀ ਜਲਦੀ ਮੁਕੰਮਲ ਕੀਤੀ ਜਾਵੇ ਤਾਂ ਜੋ ਅਸੀਂ ਵਿਸਾਖੀ ਤੋਂ ਪਹਿਲਾਂ ਮੁਆਵਜ਼ੇ ਦੀ ਅਦਾਇਗੀ ਕਰ ਸਕੀਏ।”
ਲਗਾਤਾਰ ਮੀਂਹ ਅਤੇ ਗੜ੍ਹੇਮਾਰੀ ਕਾਰਨ ਫ਼ਸਲਾਂ ਦਾ ਨੁਕਸਾਨ ਝੱਲਣ ਵਾਲੇ ਕਿਸਾਨਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਔਖੀ ਘੜੀ ਵਿੱਚ ਅੰਨਦਾਤਾ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਕ-ਇਕ ਪੈਸੇ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਖ਼ਰਾਬ ਮੌਸਮ ਕਾਰਨ ਹੋਏ ਭਾਰੀ ਨੁਕਸਾਨ ਕਾਰਨ ਕਿਸਾਨ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਨਿੱਜੀ ਤੌਰ ‘ਤੇ ਇਸ ਸਾਰੀ ਮੁਹਿੰਮ ਦੀ ਰੋਜ਼ਾਨਾ ਆਧਾਰ ‘ਤੇ ਨਿਗਰਾਨੀ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪ੍ਰਭਾਵਿਤ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਅਤੇ ਤੇਜ਼ੀ ਨਾਲ ਮੁਆਵਜ਼ਾ ਦਿੱਤਾ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਕਿਉਂਕਿ ਉਹ ਇਕ ਸਾਂਝੇ ਪਰਿਵਾਰ ਨਾਲ ਸਬੰਧ ਰੱਖਦੇ ਹਨ, ਇਸ ਲਈ ਉਹ ਨਿੱਜੀ ਤੌਰ ‘ਤੇ ਕਿਸਾਨਾਂ ਦੇ ਦੁੱਖ-ਦਰਦ ਤੋਂ ਜਾਣੂੰ ਹਨ ਅਤੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦੇਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਗਿਰਦਾਵਰੀ ਦੌਰਾਨ ਸਰਕਾਰੀ ਤੰਤਰ ਦੀ ਕਿਸੇ ਵੀ ਪੱਧਰ ‘ਤੇ ਕਿਸੇ ਵੀ ਤਰ੍ਹਾਂ ਦੀ ਢਿੱਲ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤਾ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਡੂੰਘੇ ਸੰਕਟ ਦੀ ਇਸ ਘੜੀ ਵਿੱਚ ਪੂਰੀ ਤਰ੍ਹਾਂ ਪੀੜਤ ਕਿਸਾਨੀ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਗਿਰਦਾਵਰੀ ਤੋਂ ਪਹਿਲਾਂ ਸਾਰੀ ਪ੍ਰਕਿਰਿਆ ਬਾਰੇ ਜਨਤਕ ਮੁਨਾਦੀ ਕੀਤੀ ਜਾ ਰਹੀ ਹੈ ਤਾਂ ਜੋ ਸਾਰੇ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਮੁਸ਼ਕਲ ਦੀ ਇਸ ਘੜੀ ਵਿੱਚ ਕਿਸਾਨਾਂ ਦਾ ਸਾਥ ਦੇਣ ਲਈ ਪ੍ਰਤੀ ਏਕੜ ਮੁਆਵਜ਼ੇ ਵਿੱਚ 25 ਫੀਸਦੀ ਵਾਧਾ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਵੱਡੀ ਕਿਸਾਨ ਪੱਖੀ ਪਹਿਲਕਦਮੀ ਵਿੱਚ ਸੂਬਾ ਸਰਕਾਰ ਨੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਤੋਂ ਕਿਸਾਨਾਂ ਵੱਲੋਂ ਲਏ ਕਰਜ਼ਿਆਂ ਦੀ ਮੁੜ ਅਦਾਇਗੀ ਰੋਕਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਕਿਸਾਨਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋੜੀਂਦੀ ਰਾਹਤ ਮਿਲੇਗੀ ਅਤੇ ਕਿਸਾਨ ਨੁਕਸਾਨ ਤੋਂ ਬਾਅਦ ਇਹ ਰਕਮ ਵਾਪਸ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਪੂਰਾ ਮੁਆਵਜ਼ਾ ਦੇਵੇਗੀ।