March 29, 2024

Chandigarh Headline

True-stories

ਇਤਿਹਾਸ ਗਵਾਹ ਹੈ, ਜਿਨ੍ਹਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਕਦੇ ਕਾਮਯਾਬ ਨਹੀਂ ਹੋਏ: ਚੀਮਾ

1 min read

ਚੰਡੀਗੜ੍ਹ, 23 ਅਪ੍ਰੈਲ, 2023: ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਲੋਕ ਹਨ ਜੋ ਵਿਕਾਸ ਚਾਹੁੰਦੇ ਹਨ। ਇਤਿਹਾਸ ਗਵਾਹ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦੀ ਫਿਰਕੂ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਹ ਕਦੇ ਵੀ ਆਪਣੇ ਮਨਸੂਬਿਆਂ ਵਿੱਚ ਸਫ਼ਲ ਨਹੀਂ ਹੋਇਆ।

ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਐਤਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਜਨਾਲਾ ਕਾਂਡ ਦੌਰਾਨ ਸਾਡੇ ‘ਸ੍ਰੀ ਗੁਰੂ ਗ੍ਰੰਥ ਸਾਹਿਬ ਜੀ’ ਦੇ ਸਰੂਪ ਨੂੰ ਪੁਲਿਸ ਹਿਰਾਸਤ ‘ਚੋਂ ਛੁਡਾਉਣ ਲਈ ਢਾਲ ਵਜੋਂ ਵਰਤਿਆ ਗਿਆ ਸੀ। ਜਦਕਿ ਇਹ ਸਭ ਕਾਨੂੰਨੀ ਪ੍ਰਕਿਰਿਆ ਰਾਹੀਂ ਵੀ ਕੀਤਾ ਜਾ ਸਕਦਾ ਸੀ। ਇਹ ਪੰਜਾਬ ਪੁਲਿਸ ਹੀ ਸੀ ਜਿਸ ਨੇ ਪੂਰੀ ਇਮਾਨਦਾਰੀ, ਸੰਵੇਦਨਸ਼ੀਲਤਾ ਅਤੇ ਸਮਝਦਾਰੀ ਨਾਲ ਸਾਰੀ ਸਥਿਤੀ ਨੂੰ ਸੰਭਾਲਿਆ। ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਬਿਨਾਂ ਕਿਸੇ ਗੋਲੀਬਾਰੀ ਅਤੇ ਲਾਠੀਚਾਰਜ ਤੋਂ ਪੂਰੀ ਸਥਿਤੀ ਨੂੰ ਸ਼ਾਂਤ ਕੀਤਾ। ਉਨ੍ਹਾਂ ਕਿਸੇ ਨੂੰ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਹੀਂ ਕਰਨ ਦਿੱਤੀ ਕਿਉਂਕਿ ਉਹ ਮੁੱਖ ਮੰਤਰੀ ਦੇ ਹੁਕਮਾਂ ਅਨੁਸਾਰ ਕੰਮ ਕਰ ਰਹੇ ਸਨ, ਜਿਨ੍ਹਾਂ ਨੇ ਸਪੱਸ਼ਟ ਹਦਾਇਤ ਦਿੱਤੀ ਸੀ ਕਿ ਕਿਸੇ ਵੀ ਧਰਮ ਜਾਂ ਫਿਰਕੇ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।

ਚੀਮਾ ਨੇ ਅੱਗੇ ਕਿਹਾ ਕਿ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਕਾਨੂੰਨ ਦਾ ਸਾਹਮਣਾ ਕਰਨ ਦੀ ਬਜਾਏ ਪੰਜਾਬ ਪੁਲਿਸ ਤੋਂ ਭੱਜ ਗਿਆ ਸੀ। 36 ਦਿਨਾਂ ਦੇ ਲੰਬੇ ਆਪ੍ਰੇਸ਼ਨ ਤੋਂ ਬਾਅਦ ਅੱਜ ਪੰਜਾਬ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੇ ਅਜਨਾਲਾ ਕਾਂਡ ਵਰਗਾ ਸਟੰਟ ਕਰਨ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਪੁਲਿਸ ਨੇ ਇੱਕ ਵਾਰ ਫਿਰ ਨਿਪੁੰਨਤਾ ਨਾਲ ਕੰਮ ਕੀਤਾ। ਚੀਮਾ ਨੇ ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ‘ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਸਨ ‘ਚ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਅਤੇ ਗੋਲੀਬਾਰੀ ‘ਚ ਲੋਕ ਮਾਰੇ ਗਏ। ਪਰ ਇਹ ਆਮ ਆਦਮੀ ਪਾਰਟੀ ਦੀ ਧਰਮ ਨਿਰਪੱਖ ਸਰਕਾਰ ਹੈ, ਜੋ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਪੰਜਾਬ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦੀ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਦੀ ਭਾਈਚਾਰਕ ਸ਼ਾਂਤੀ ਸਾਡੀ ਤਰਜੀਹ ਹੈ। ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਵਾਸਤੇ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਚੀਮਾ ਨੇ ਪੰਜਾਬ ਸਰਕਾਰ ‘ਤੇ ਭਰੋਸਾ ਕਰਨ ਅਤੇ ਸਮਰਥਨ ਦੇਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਵੀ ਕੀਤਾ ਅਤੇ ਕਿਹਾ ਕਿ ਇਸ ਸਾਰੀ ਕਾਰਵਾਈ ਦੌਰਾਨ ਕੋਈ ਵੀ ਮੰਦਭਾਗੀ ਘਟਨਾ ਨਹੀਂ ਵਾਪਰੀ। ਉਨ੍ਹਾਂ ਲੋਕਾਂ ਨੂੰ ‘ਆਪ’ ਸਰਕਾਰ ਦਾ ਸਮਰਥਨ ਕਰਦੇ ਰਹਿਣ ਲਈ ਕਿਹਾ ਅਤੇ ਕਿਹਾ ਕਿ ਅਸੀਂ ਆਪਣੇ ਲੋਕਾਂ ਦੇ ਸਹਿਯੋਗ ਨਾਲ ਹੀ ਸ਼ਾਂਤੀ ਅਤੇ ਭਾਈਚਾਰਾ ਕਾਇਮ ਰੱਖ ਸਕਦੇ ਹਾਂ। ਸਾਡੇ ਰਾਜ ਨੂੰ ਵਿਕਾਸ ਅਤੇ ਸ਼ਾਨ ਭਰੇ ਦੇ ਮਾਰਗ ‘ਤੇ ਅੱਗੇ ਲਿਜਾਣ ਲਈ ਸ਼ਾਂਤੀ ਜ਼ਰੂਰੀ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..