ਪੰਜਾਬ ਸਰਕਾਰ ਮੰਡੀਕਰਨ ਪ੍ਰਣਾਲੀ ਨੂੰ ਬਚਾਉਣ ਲਈ ਦ੍ਰਿੜ ਸੰਕਲਪ – ਚੇਤਨ ਸਿੰਘ ਜੌੜਾਮਾਜਰਾ
ਮਾਲੇਰਕੋਟਲਾ /ਅਹਿਮਦਗੜ੍ਹ, 31 ਮਈ, 2023: ਚੇਤਨ ਸਿੰਘ ਜੌੜਾਮਾਜਰਾ, ਕੈਬਨਿਟ ਮੰਤਰੀ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਆਜ਼ਾਦੀ ਘੁਲਾਟੀਏ ਵਿਭਾਗ, ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੂਬੇ ਦੀ ਮੰਡੀਕਰਨ ਪ੍ਰਣਾਲੀ ਨੂੰ ਬਚਾਉਣ ਲਈ ਦ੍ਰਿੜ ਸੰਕਲਪ ਹੈ। ਇਸੇ ਕਰਕੇ ਹੀ ਅਨਾਜ ਮੰਡੀਆਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕੀਤਾ ਜਾ ਰਿਹਾ ਹੈ।
ਅੱਜ ਸਥਾਨਕ ਨਵੀਂ ਅਨਾਜ ਮੰਡੀ ਵਿਖੇ ਸਟੀਲ ਕਵਰ ਸ਼ੈੱਡ ਅਤੇ ਖਰੀਦ ਕੇਂਦਰ ਕੁੱਪ ਕਲਾਂ ਦੇ ਫੜ੍ਹ ਨੂੰ ਉੱਚਾ ਚੁੱਕਣ ਦੇ ਕੰਮ ਦਾ ਨੀਂਹ ਪੱਥਰ ਰੱਖਣ ਮੌਕੇ ਭਾਰੀ ਗਿਣਤੀ ਵਿੱਚ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ੍ਰ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਨੂੰ ਆਰਥਿਕ ਪੱਖੋਂ ਕੰਗਾਲ ਕਰਨ ਲਈ ਅਤੇ ਕਿਸਾਨੀ ਨੂੰ ਖ਼ਤਮ ਕਰਨ ਲਈ ਹਰ ਹੀਲਾ ਵਰਤ ਰਹੀ ਹੈ। ਇਸੇ ਕੋਸ਼ਿਸ਼ ਵਿੱਚ ਕੇਂਦਰ ਵੱਲੋਂ ਤਿੰਨ ਕਾਲੇ ਕਾਨੂੰਨ ਲਿਆਂਦੇ ਗਏ ਸਨ। ਪਰ ਪੰਜਾਬ ਦੇ ਬਹਾਦਰ ਕਿਸਾਨਾਂ ਅਤੇ ਲੋਕਾਂ ਦੇ ਰੋਹ ਮੂਹਰੇ ਕੇਂਦਰ ਸਰਕਾਰ ਨੂੰ ਗੋਡੇ ਟੇਕਣੇ ਪਏ।
ਉਹਨਾਂ ਕਿਹਾ ਕਿ ਸਾਡੇ ਸੂਬੇ ਦੀ ਮੁੱਖ ਆਰਥਿਕਤਾ ਅਤੇ ਲੋਕਾਂ ਦਾ ਜੀਵਨ ਨਿਰਬਾਹ ਖੇਤੀ ਉੱਤੇ ਟਿਕਿਆ ਹੋਇਆ ਹੈ। ਇਸ ਕਰਕੇ ਕਿਸੇ ਵੀ ਹੀਲੇ ਇਥੋਂ ਦੀ ਕਿਸਾਨੀ ਨੂੰ ਟੁੱਟਣ ਨਹੀਂ ਦਿੱਤਾ ਜਾਵੇਗਾ। ਪੰਜਾਬ ਸਰਕਾਰ ਸੂਬੇ ਦੀ ਮੰਡੀਕਰਨ ਪ੍ਰਣਾਲੀ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸੇ ਕਰਕੇ ਹੀ ਅਨਾਜ ਮੰਡੀਆਂ ਨੂੰ ਬੁਨਿਆਦੀ ਤੌਰ ਉੱਤੇ ਮਜ਼ਬੂਤ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਕਿ ਨਵੀਂ ਅਨਾਜ ਮੰਡੀ ਅਹਿਮਦਗੜ੍ਹ ਵਿਖੇ ਸਟੀਲ ਕਵਰ ਸ਼ੈੱਡ ਬਣਾਉਣ ਲਈ 87.5 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ। ਇਸੇ ਤਰ੍ਹਾਂ ਪਿੰਡ ਕੁੱਪ ਕਲਾਂ ਵਿਖੇ ਖਰੀਦ ਕੇਂਦਰ ਦੇ ਫੜ੍ਹ ਨੂੰ ਉੱਚਾ ਚੁੱਕਣ ਉੱਤੇ 67.71 ਲੱਖ ਰੁਪਏ ਦੀ ਲਾਗਤ ਆਵੇਗੀ। ਇਹ ਦੋਵੇਂ ਕੰਮ ਜਲਦ ਹੀ ਮੁਕੰਮਲ ਕੀਤੇ ਜਾਣਗੇ। ਉਹਨਾਂ ਕਿਹਾ ਕਿ ਮੰਡੀਆਂ ਨੂੰ ਵਿਕਸਤ ਕਰਕੇ ਉਥੋਂ ਮਿਲਣ ਵਾਲੇ ਮਾਲੀਏ ਨਾਲ ਸੂਬੇ ਦਾ ਵਿਕਾਸ ਯਕੀਨੀ ਬਣਾਇਆ ਜਾਵੇਗਾ। ਉਹਨਾਂ ਦਾਅਵੇ ਨਾਲ ਕਿਹਾ ਕਿ ਸੂਬੇ ਦੇ ਹਰੇਕ ਹਲਕੇ ਵਿੱਚ ਵਿਕਾਸ ਕਾਰਜ ਜੋਰਾਂ ਉੱਤੇ ਚੱਲ ਰਹੇ ਹਨ।
ਇਸ ਮੌਕੇ ਸਮਾਗਮ ਨੂੰ ਹਰਚੰਦ ਸਿੰਘ ਬਰਸਟ ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਹਲਕਾ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ, ਜ਼ਿਲ੍ਹਾ ਪੁਲਿਸ ਮੁਖੀ ਦੀਪਕ ਹਿਲੌਰੀ ਅਤੇ ਹੋਰ ਵੀ ਹਾਜ਼ਰ ਸਨ।