September 8, 2024

Chandigarh Headline

True-stories

ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ : ਹਰਜੋਤ ਸਿੰਘ ਬੈਂਸ

1 min read

ਚੰਡੀਗੜ੍ਹ, 9 ਜੂਨ, 2023: ਇਮਤਿਹਾਨਾਂ ਦੌਰਾਨ ਨਕਲ ਦੇ ਰੁਝਾਨ ਨੂੰ ਜੜ੍ਹੋਂ ਖ਼ਤਮ ਕਰਨ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ (ਪੀਐਸਬੀਟੀਈ ਤੇ ਆਈਟੀ) ਵੱਲੋਂ ਪ੍ਰੀਖਿਆਵਾਂ ਵਿੱਚ ਨਕਲ ਵਿਰੋਧੀ ਸਖ਼ਤ ਨੀਤੀਆਂ ਅਪਣਾਈਆਂ ਜਾ ਰਹੀਆਂ ਹਨ ।

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪੋਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ਦੇ ਸਾਰੇ ਪ੍ਰੀਖਿਆ ਕੇਂਦਰਾਂ ਨੂੰ ਸਰਕਾਰੀ ਪਾਲੀਟੈਕਨਿਕ ਅਤੇ ਸਰਕਾਰੀ ਆਈ.ਟੀ.ਆਈਜ਼ ਵਿੱਚ ਤਬਦੀਲ ਕਰਕੇ ਪ੍ਰੀਖਿਆ ਵਿੱਚ ਨਕਲ ਨੂੰ ਬਿਲਕੁਲ ਖਤਮ ਕਰਨ ਦਾ ਫੈਸਲਾ ਲਿਆ ਹੈ। ਹੁਣ ਪ੍ਰੀਖਿਆਵਾਂ ਨੂੰ ਸੀਸੀਟੀਵੀ ਨਿਗਰਾਨੀ ਹੇਠ ਕਰਵਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਕਿਉਂਕਿ ਬੋਰਡ ਨੇ ਸਰਕਾਰੀ ਪੌਲੀਟੈਕਨਿਕਾਂ ਅਤੇ ਸਰਕਾਰੀ ਆਈ.ਟੀ.ਆਈਜ਼ ਵਿੱਚ ਸੀ.ਸੀ.ਟੀ.ਵੀ. ਲਗਾਉਣ ਲਈ ਵੱਡੀ ਰਕਮ ਖਰਚ ਕੀਤੀ ਹੈ। ਵਿਦਿਆਰਥੀਆ ਦੀ ਸਹੂਲਤ ਨੂੰ ਧਿਆਨ ਵਿੱਚ ਰਖਦੇ ਹੋਏ ਸਾਰੀਆਂ 220 ਪੌਲੀਟੈਕਨਿਕ ਅਤੇ ਫਾਰਮੇਸੀ ਕਾਲਜਾਂ ਦੀ ਸਰਕਾਰੀ ਸੰਸਥਾਵਾਂ ਨਾਲ ਮੈਪਿੰਗ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਆਪਣੇ ਪ੍ਰੀਖਿਆ ਕੇਂਦਰ ਤੱਕ ਪਹੁੰਚਣ ਵਿੱਚ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਬੈਂਸ ਨੇ ਦੱਸਿਆ ਕਿ ਸੀ.ਸੀ.ਟੀ.ਵੀ. ਨਿਗਰਾਨ ਬੋਰਡ ਨੇ 26 ਸਰਕਾਰੀ ਪੌਲੀਟੈਕਨਿਕਾਂ ਅਤੇ 115 ਸਰਕਾਰੀ ਆਈ.ਟੀ.ਆਈਜ਼ ਵਿੱਚ ਸੀ.ਸੀ.ਟੀ.ਵੀ. ਲਗਾਉਣ ਲਈ ਲਗਭਗ 3 ਕਰੋੜ ਰੁਪਏ ਖਰਚ ਕੀਤੇ ਹਨ। ਉਚੇਰੀ ਸਿੱਖਿਆ ਵਿਭਾਗ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਨਵੇਂ ਬਣੇ ਕੇਂਦਰਾਂ ਵਿੱਚ ਵੀ ਸੀਸੀਟੀਵੀ ਕੈਮਰੇ ਲਗਾਏ ਗਏ ਹਨ।

ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੋਰਡ ਨੇ ਪਹਿਲੀ ਵਾਰ ਸਾਰੇ ਪ੍ਰੀਖਿਆ ਕੇਂਦਰਾਂ ਵਿੱਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਦੀ ਨਿਗਰਾਨੀ ਲਈ ਬੋਰਡ ਦੇ ਦਫ਼ਤਰ ਵਿੱਚ ਕੰਟਰੋਲ ਰੂਮ ਸਥਾਪਤ ਕੀਤਾ ਹੈ। ਕੰਟਰੋਲ ਰੂਮ ਵਿੱਚ ਪ੍ਰੀਖਿਆ ਕੇਂਦਰਾਂ ਦੀ ਨਿਗਰਾਨੀ ਲਈ ਅਧਿਕਾਰੀਆਂ ਦਾ ਰੋਸਟਰ ਵੀ ਤਿਆਰ ਕੀਤਾ ਗਿਆ ਹੈ। ਇਸ ਨਾਲ ਪ੍ਰੀਖਿਆਵਾਂ ਵਿੱਚ ਪੂਰੀ ਪਾਰਦਰਸ਼ਤਾ ਆਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਤਕਨੀਕੀ ਅਤੇ ਉਦਯੋਗਿਕ ਸਿਖਲਾਈ ਬੋਰਡ ਤੇ ਤਕਨੀਕੀ ਸਿੱਖਿਆ ਬੋਰਡ ਪੰਜਾਬ ਰਾਜ ਵਿੱਚ ਤਕਨੀਕੀ ਸਿੱਖਿਆ ਦੀ ਗੁਣਵੰਤਾ ਵਿੱਚ ਸੁਧਾਰ ਲਿਆਉਣ ਲਈ ਨਿਰੰਤਰ ਕੰਮ ਕਰ ਰਿਹਾ ਹੈ ਅਤੇ ਪੋਲੀਟੈਕਨਿਕ ਫਾਰਮੇਸੀ ਡਿਪਲੋਮਾ ਕੋਰਸਾਂ ਦੀਆਂ ਪ੍ਰੀਖਿਆਵਾਂ ਨੂੰ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕਰਵਾਉਣ ਦੇ ਉਦੇਸ਼ਾਂ ਦੀ ਪ੍ਰਾਪਤੀ ਕਰ ਰਿਹਾ ਹੈ।। ਪਿਛਲੀਆਂ ਪ੍ਰੀਖਿਆਵਾ ਜੋ ਕਿ ਇਸ ਤੋਂ ਪਹਿਲਾ ਪ੍ਰਾਈਵੇਟ ਅਦਾਰਿਆਂ ਵਿੱਚ ਲਈਆ ਜਾਂਦੀਆ ਸਨ, ਵਿੱਚ ਵਿਦਿਆਰਥੀਆਂ ਵੱਲੋਂ ਨਕਲ/ਗਲਤ ਤਰੀਕੇ ਵਰਤੇ ਜਾਣ ਦੀਆਂ ਕਈ ਸ਼ਿਕਾਇਤਾਂ ਸਾਹਮਣੇ ਆਈਆਂ ਸਨ, ਜਿਸ ਨਾਲ ਨਾ ਸਿਰਫ਼ ਹੁਸ਼ਿਆਰ ਅਤੇ ਮਿਹਨਤੀ ਵਿਦਿਆਰਥੀਆਂ ਦਾ ਨੁਕਸਾਨ ਹੋ ਰਿਹਾ ਸੀ, ਸਗੋਂ ਤਕਨੀਕੀ ਸਿੱਖਿਆ ਪ੍ਰਣਾਲੀ ਦੀ ਸਮੁੱਚੀ ਸਾਖ ਤੇ ਵੀ ਧੱਬਾ ਸੀ। ਇਸੇ ਲਈ ਇਹ ਸੁਧਾਰ ਲਾਗੂ ਕੀਤੇ ਗਏ ਹਨ।

ਤਕਨੀਕੀ ਸਿੱਖਿਆ ਬੋਰਡ ਨੇ ਇਨ੍ਹਾਂ ਪ੍ਰੀਖਿਆ ਸੁਧਾਰਾਂ ਨੂੰ ਲਾਗੂ ਕਰਦੇ ਹੋਏ ਪਹਿਲੀ ਵਾਰ ਉੱਚੇਰੀ ਸਿੱਖਿਆ ਸੰਸਥਾਵਾਂ ਅਤੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚ ਵੀ ਪ੍ਰੀਖਿਆ ਕੇਂਦਰ ਬਣਾਏ ਹਨ ਅਤੇ ਪ੍ਰੀਖਿਆ ਕੇਂਦਰਾਂ ਵਿੱਚ ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ ਅਤੇ ਉੱਚੇਰੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਗਰਾਨ ਵਜੋਂ ਤਾਇਨਾਤ ਕੀਤਾ ਹੈ। ਇਨ੍ਹਾਂ ਪ੍ਰੀਖਿਆਵਾਂ ਦੌਰਾਨ ਤਕਨੀਕੀ ਸਿੱਖਿਆ ਵਿਭਾਗ ਅਤੇ ਤਕਨੀਕੀ ਸਿੱਖਿਆ ਬੋਰਡ ਦੇ ਅਧਿਕਾਰੀਆਂ ਦੀਆਂ ਫਲਾਇੰਗ ਸਕੂਐਂਡ ਟੀਮਾਂ ਭੇਜ ਕੇ ਪ੍ਰੀਖਿਆ ਕੇਂਦਰਾਂ ਦੀ ਅਚਨਚੇਤ ਚੈਕਿੰਗ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੀ ਆਪਣੇ ਜ਼ਿਲ੍ਹਿਆਂ ਵਿੱਚ ਪ੍ਰੀਖਿਆ ਕੇਂਦਰਾਂ ਦੀ ਚੈਕਿੰਗ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਵਾਰ ਕੇਂਦਰਾਂ ਦੀ ਜਾਂਚ ਕਰਨ ਲਈ ਪ੍ਰਿੰਸੀਪਲਾਂ ਦੀਆਂ 14 ਫਲਾਇੰਗ ਸਕੁਐਡ ਟੀਮਾਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹਾ ਵਾਰ ਕੇਂਦਰਾਂ ਦੀ ਜਾਂਚ ਕਰਨ ਲਈ ਡੀਟੀਈ/ਬੋਰਡ ਦੀਆਂ 13 ਟੀਮਾਂ ਦਾ ਗਠਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਦਫ਼ਤਰ ਦੇ ਅਧਿਕਾਰੀਆਂ ਨੂੰ ਵੀ ਆਪੋ-ਆਪਣੇ ਜ਼ਿਲਿ੍ਹਆਂ ਵਿੱਚ ਕੇਂਦਰਾਂ ਦੀ ਚੈਕਿੰਗ ਕਰਨ ਦੀ ਅਪੀਲ ਕੀਤੀ ਗਈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਤਕਨੀਕੀ ਸਿੱਖਿਆ, ਮੈਡੀਕਲ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗ ਦੇ 52 ਫੈਕਲਟੀ ਮੈਂਬਰ ਵੱਖ-ਵੱਖ ਪ੍ਰੀਖਿਆ ਕੇਂਦਰਾਂ ’ਤੇ ਨਿਗਰਾਨ ਵਜੋਂ ਤਾਇਨਾਤ ਕੀਤੇ ਹਨ, ਉਨ੍ਹਾਂ ਕਿਹਾ ਕਿ ਮਿਹਨਤੀ ਵਿਦਿਆਰਥੀ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰ ਰਹੇ ਹਨ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿੱਚ ਵੀ ਅਜਿਹਾ ਜਾਰੀ ਰਹੇਗਾ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..