October 16, 2024

Chandigarh Headline

True-stories

ਪੰਜਾਬ ਸਰਕਾਰ ਵੱਲੋਂ ਵੈਟਰਨਰੀ ਅਫ਼ਸਰਾਂ ਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਜਲਦੀ: ਗੁਰਮੀਤ ਖੁੱਡੀਆਂ

1 min read

ਚੰਡੀਗੜ੍ਹ, 9 ਜੂਨ, 2023: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਨੂੰ ਹੋਰ ਮਜ਼ਬੂਤ ਕਰਨ ਅਤੇ ਇਸ ਦੀ ਕਾਰਜਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਵੈਟਰਨਰੀ ਅਫ਼ਸਰਾਂ ਅਤੇ ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ।

ਉਹ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਗੁਰਮੀਤ ਸਿੰਘ ਖੁੱਡੀਆਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੱਖਣ-ਪੱਛਮੀ ਪੰਜਾਬ ਵਿੱਚ ਝੀਂਗਾ ਪਾਲਣ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਹੋਰ ਤੇਜ਼ ਕੀਤੇ ਜਾਣ ਤਾਂ ਜੋ ਇਸ ਪੱਟੀ ਦੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ ਕਿਉਂਕਿ ਇਸ ਖਿੱਤੇ ਵਿੱਚ ਧਰਤੀ ਹੇਠਲਾ ਪਾਣੀ ਖਾਰਾ ਹੋਣ ਕਰਕੇ ਇਹ ਪਾਣੀ ਖੇਤੀ ਦੇ ਠੀਕ ਨਹੀਂ ਹੈ ਅਤੇ ਇਸ ਦੇ ਨਾਲ ਹੀ ਇਸ ਬੈਲਟ ਵਿੱਚ ਸੇਮ ਦੀ ਸਮੱਸਿਆ ਵੀ ਵੱਡਾ ਮੁੱਦਾ ਹੈ।

ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿੱਚ 1212 ਏਕੜ ਰਕਬਾ ਝੀਂਗਾ ਪਾਲਣ ਅਧੀਨ ਆ ਚੁੱਕਾ ਹੈ ਅਤੇ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਖੇਤੀ ਦੇ ਇਸ ਸਹਾਇਕ ਕਿੱਤੇ ਹੇਠ ਰਕਬੇ ਨੂੰ ਹੋਰ ਵਧਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਅਧਿਕਾਰੀਆਂ ਨੂੰ ਵਿਭਾਗ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਲਈ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰਨ ਲਈ ਆਖਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਮੁੱਖ ਮੰਤਰੀ ਨੇ ਖੇਤੀਬਾੜੀ ਅਤੇ ਇਸਦੇ ਸਹਾਇਕ ਧੰਦਿਆਂ ਨੂੰ ਲਾਹੇਵੰਦ ਕਿੱਤਾ ਬਣਾਉਣ ਦੀ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ।

ਪ੍ਰਮੁੱਖ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਦੱਸਿਆ ਕਿ 300 ਵੈਟਰਨਰੀ ਅਫ਼ਸਰਾਂ ਅਤੇ 644 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਹਾਲ ਹੀ ਵਿੱਚ ਵਿਭਾਗ ਵੱਲੋਂ 317 ਵੈਟਰਨਰੀ ਅਫ਼ਸਰ ਅਤੇ 148 ਵੈਟਰਨਰੀ ਇੰਸਪੈਕਟਰ ਭਰਤੀ ਕੀਤੇ ਗਏ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਨੇ ਪਸ਼ੂਆਂ ਵਿੱਚ ਲੰਪੀ ਸਕਿਨ ਦੀ ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਗੋਟ ਪੌਕਸ ਵੈਕਸੀਨ ਦੀਆਂ 25 ਲੱਖ ਖੁਰਾਕਾਂ ਗਊਧਨ ਦੇ ਸਫਲਤਾਪੂਰਵਕ ਲਗਾਈਆਂ ਹਨ। ਉਨ੍ਹਾਂ ਸੂਬੇ ਵਿੱਚ ਡੇਅਰੀ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸੈਕਸਡ ਸੀਮਨ ਪ੍ਰੋਗਰਾਮ ਅਤੇ ਹੋਰ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।

ਮੀਟਿੰਗ ਵਿੱਚ ਸੰਯੁਕਤ ਸਕੱਤਰ ਰਾਕੇਸ਼ ਕੁਮਾਰ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਡਾਇਰੈਕਟਰ ਮੱਛੀ ਪਾਲਣ ਜਸਬੀਰ ਸਿੰਘ, ਡਾਇਰੈਕਟਰ ਡੇਅਰੀ ਵਿਕਾਸ ਕੁਲਦੀਪ ਸਿੰਘ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..