July 27, 2024

Chandigarh Headline

True-stories

ਪੰਜਾਬ ਸਰਕਾਰ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕਰੇਗੀ-ਮੁੱਖ ਮੰਤਰੀ

1 min read

ਚੰਡੀਗੜ੍ਹ, 26 ਜੂਨ, 2023: ਸੂਬੇ ਵਿੱਚ ਵਾਤਾਵਰਣ ਅਨੁਕੂਲ ਜਨਤਕ ਟਰਾਂਸਪੋਰਟ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਾਇਲਟ ਪ੍ਰੋਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਤੋਂ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਤੋਂ ਈ-ਆਟੋ ਸੇਵਾ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਸੂਬੇ ਦੇ 47 ਸ਼ਹਿਰਾਂ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਜਨਤਕ ਟਰਾਂਸਪੋਰਟ ਦੀਆਂ ਬਿਹਤਰ ਸਹੂਲਤਾਂ ਪ੍ਰਦਾਨ ਕਰਨ ਤੋਂ ਇਲਾਵਾ ਇਹ ਸਹੂਲਤਾਂ ਵਾਤਾਵਰਨ ਦੀ ਸੁਰੱਖਿਆ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੀਆਂ।

ਉਨ੍ਹਾਂ ਕਿਹਾ ਕਿ ਪਾਇਲਟ ਪ੍ਰਾਜੈਕਟ ਵਜੋਂ ਲੁਧਿਆਣਾ ਤੇ ਜਲੰਧਰ ਵਿੱਚ ਈ-ਵਹੀਕਲ ਸੇਵਾ ਅਤੇ ਅੰਮ੍ਰਿਤਸਰ ਵਿੱਚ ਈ-ਆਟੋ ਸੇਵਾ ਸ਼ੁਰੂ ਕੀਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਜਨਤਕ ਟਰਾਂਸਪੋਰਟ ਦੇ ਇਹ ਢੰਗ-ਤਰੀਕੇ ਇਨ੍ਹਾਂ ਸ਼ਹਿਰਾਂ ਵਿੱਚ ਆਵਾਜਾਈ ਦੀ ਸਮੱਸਿਆ ਨੂੰ ਹੱਲ ਕਰਨ ਵਿੱਚ ਵੀ ਕਾਫੀ ਸਹਾਈ ਸਿੱਧ ਹੋਣਗੇ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਦੇ ਉਦੇਸ਼ ਨਾਲ ਸੂਬਾ ਸਰਕਾਰ ਵੱਲੋਂ ਜਲਦੀ ਹੀ ਬਠਿੰਡਾ ਅਤੇ ਪਟਿਆਲਾ ਜ਼ਿਲ੍ਹਿਆਂ ਵਿੱਚ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਇਸ ਨਾਲ ਉਨ੍ਹਾਂ ਦੀਆਂ ਕੀਮਤੀ ਜਾਨਾਂ ਬਚਾਉਣ ਵਿੱਚ ਮਦਦ ਮਿਲੇਗੀ। ਭਗਵੰਤ ਮਾਨ ਨੇ ਕਿਹਾ ਕਿ ਆਵਾਰਾ ਪਸ਼ੂਆਂ ਕਰਕੇ ਹੁੰਦੇ ਜਾਨਲੇਵਾ ਸੜਕ ਹਾਦਸਿਆਂ ਕਾਰਨ ਲੋਕਾਂ ਦੀ ਜਾਨ ਨੂੰ ਵੱਡਾ ਖਤਰਾ ਬਣਿਆ ਹੋਇਆ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਿਸੇ ਵੀ ਵਿਕਾਸ ਕਾਰਜ ਨੂੰ ਨੇਪਰੇ ਚਾੜ੍ਹਨ ਦੀ ਲੋੜ ਦਾ ਪਤਾ ਲਗਾਉਣ ਲਈ ਸੂਬਾ ਸਰਕਾਰ ਨੇ ਪਹਿਲੀ ਵਾਰ ‘ਆਰਟੀਫੀਸ਼ੀਅਲ ਇੰਟੈਲੀਜੈਂਸ’ ਰਾਹੀਂ ਕੰਮ ਦੀ ਲੋੜ ਦਾ ਮੁਲਾਂਕਣ ਕਰਨ ਸਬੰਧੀ ਇੱਕ ਪ੍ਰਾਜੈਕਟ ਲਾਗੂ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸਨੂੰ ਪਾਇਲਟ ਪ੍ਰਾਜੈਕਟ ਵਜੋਂ ਅੰਮ੍ਰਿਤਸਰ ਵਿੱਚ ਸ਼ੁਰੂ ਕੀਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਲੋੜ ਦੇ ਅਧਾਰ ‘ਤੇ ਵਿਕਾਸ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਇਸ ਮਾਡਲ ਨੂੰ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਲਾਗੂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਵੱਖ-ਵੱਖ ਸ਼ਹਿਰਾਂ ਵਿੱਚ ਲਾਗੂ ਕੀਤੇ ਜਾਣ ਵਾਲੇ 1000 ਕਰੋੜ ਰੁਪਏ ਤੋਂ ਵੱਧ ਦੇ ਪ੍ਰਸਤਾਵਿਤ ਪ੍ਰਾਜੈਕਟਾਂ ਦੀ ਵੀ ਸਮੀਖਿਆ ਕੀਤੀ ਅਤੇ ਕਿਹਾ ਕਿ ਇਸ ਨਾਲ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ 762.45 ਕਰੋੜ ਰੁਪਏ ਦੇ ਪ੍ਰਾਜੈਕਟ ਤਰਿਤ ਇਨ੍ਹਾਂ 47 ਸ਼ਹਿਰਾਂ ਵਿੱਚ ਨਹਿਰਾਂ ਰਾਹੀਂ 100 ਫੀਸਦੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਮੁੱਖ ਪ੍ਰਾਜੈਕਟ ‘ਤੇ ਕੰਮ ਇਸ ਸਾਲ ਅਗਸਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..