July 26, 2024

Chandigarh Headline

True-stories

ਅਨੁਰਾਗ ਵਰਮਾ ਨੇ ਪੰਜਾਬ ਦੇ 42ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

1 min read

ਚੰਡੀਗੜ, 1 ਜੁਲਾਈ, 2023 : 1993 ਬੈਚ ਦੇ ਆਈ.ਏ.ਐਸ. ਅਧਿਕਾਰੀ ਅਨੁਰਾਗ ਵਰਮਾ ਨੇ ਸ਼ਨਿਚਰਵਾਰ ਨੂੰ ਸੂਬੇ ਦੇ 42ਵੇਂ ਮੁੱਖ ਸਕੱਤਰ ਦਾ ਕਾਰਜਭਾਰ ਸੰਭਾਲ ਲਿਆ। ਉਨ੍ਹਾਂ ਅੱਜ ਨਵਾਂ ਅਹੁਦਾ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਵਜੋਂ ਬੀਤੇ ਦਿਨ ਸੇਵਾ ਮੁਕਤ ਹੋਏ ਵਿਜੈ ਕੁਮਾਰ ਜੰਜੂਆ ਅਤੇ ਸੀਨੀਅਰ ਸਿਵਲ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸੰਭਾਲਿਆ।

ਪਟਿਆਲਾ ਵਿਖੇ ਅਧਿਆਪਕ ਪਰਿਵਾਰ ਵਿੱਚ ਜਨਮੇ ਵਰਮਾ ਕੋਲ ਮੁੱਖ ਸਕੱਤਰ ਦੇ ਮੌਜੂਦਾ ਅਹੁਦੇ ਦੇ ਨਾਲ ਪ੍ਰਮੁੱਖ ਸਕੱਤਰ ਪ੍ਰਸੋਨਲ ਤੇ ਵਿਜੀਲੈਂਸ ਦਾ ਵਾਧੂ ਚਾਰਜ ਵੀ ਰਹੇਗਾ।

ਅੱਜ ਉਨ੍ਹਾਂ ਵੱਲੋਂ ਅਹੁਦਾ ਸੰਭਾਲਣ ਮੌਕੇ ਹਾਜ਼ਰ ਸੀਨੀਅਰ ਅਧਿਕਾਰੀਆਂ ਵਿੱਚ ਡੀ.ਕੇ.ਤਿਵਾੜੀ, ਕੁਮਾਰ ਰਾਹੁਲ, ਮਾਲਵਿੰਦਰ ਸਿੰਘ ਜੱਗੀ, ਵਿਪੁਲ ਉਜਵਲ, ਰਾਮਵੀਰ, ਸੋਨਾਲੀ ਗਿਰਿ, ਈਸ਼ਾ ਕਾਲੀਆ, ਗੌਰੀ ਪਰਾਸ਼ਰ ਜੋਸ਼ੀ, ਪੁਨੀਤ ਗੋਇਲ, ਭੁਪਿੰਦਰ ਸਿੰਘ, ਨੀਰੂ ਕਤਿਆਲ ਗੁਪਤਾ ਤੇ ਸੁਖਜੀਤ ਪਾਲ ਸਿੰਘ ਵੀ ਸ਼ਾਮਲ ਸਨ।

ਨਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਗੱਲ ਕਰਦਿਆਂ ਅਨੁਰਾਗ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਿਹਤ, ਸਿੱਖਿਆ ਤੇ ਸੂਬੇ ਦੇ ਸਰਵਪੱਖੀ ਵਿਕਾਸ ਉਤੇ ਧਿਆਨ ਕੇਂਦਰਿਤ ਕਰਨ ਤੋਂ ਇਲਾਵਾ ਸੂਬਾ ਵਾਸੀਆਂ ਨੂੰ ਸਾਫ-ਸੁਥਰੀਆਂ, ਪ੍ਰਭਾਵਸ਼ਾਲੀ, ਜਵਾਬਦੇਹੀ ਤੇ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ ਹੋਵੇਗੀ। ਉਨ੍ਹਾਂ ਕਿਹਾ ਕਿ ਨਵੀਂ ਜ਼ਿੰਮੇਵਾਰੀ ਨੂੰ ਉਹ ਆਪਣੀ ਲਗਨ, ਮਿਹਨਤ, ਦਿਆਨਤਦਾਰੀ ਅਤੇ ਦਿ੍ਰੜਤਾ ਨਾਲ ਨਿਭਾਉਦੇ ਹੋਏ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਉਤੇ ਲਾਗੂ ਕਰਨ ’ਤੇ ਜ਼ੋਰ ਦੇਣਗੇ।

ਵਰਮਾ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੋਣ ਦੇ ਨਾਲ-ਨਾਲ ਦੇਸ਼ ਦੇ ਅੰਨ ਭੰਡਾਰ ਭਰਨ ਵਾਲਾ ਹੈ ਜਿਸ ਦੀ ਦੇਸ਼ ਵਿੱਚ ਅਹਿਮ ਭੂਮਿਕਾ ਹੈ। ਉਹ ਸਾਰੇ ਸਿਵਲ ਤੇ ਪੁਲਿਸ ਅਧਿਕਾਰੀਆਂ ਦੇ ਨਾਲ ਸਮੂਹ ਸਰਕਾਰੀ ਕਰਮਚਾਰੀਆਂ ਨੂੰ ਨਾਲ ਲੈ ਕੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਕੋਸ਼ਿਸ਼ਾਂ ਕਰਨਗੇ।

ਮੁੱਖ ਸਕੱਤਰ ਨੇ ਕਿਹਾ ਕਿ ਉਹ ਜ਼ਮੀਨੀ ਪੱਧਰ ਉਤੇ ਲੋਕਾਂ ਦੇ ਸੁਝਾਵਾਂ ਨੂੰ ਨਾਲ ਲੈ ਕੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਬਿਹਤਰ ਨਾਗਰਿਕ ਸੇਵਾਵਾਂ ਨੂੰ ਲਾਗੂ ਕਰਨ ਉਤੇ ਧਿਆਨ ਦੇਣਗੇ ਤਾਂ ਜੋ ਲੋਕਾਂ ਦੇ ਭਲੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਲੋਕਾਂ ਨੂੰ ਪੂਰਾ ਲਾਭ ਮਿਲ ਸਕੇ। ਇਸੇ ਤਰ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਤਰਜੀਹ ਦੇ ਆਧਾਰ ਉਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਫੌਰੀ ਹੱਲ ’ਤੇ ਜ਼ੋਰ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਵਰਮਾ ਦਾ ਜੱਦੀ ਪਿੰਡ ਪਟਿਆਲਾ ਜ਼ਿਲੇ ਵਿੱਚ ਚਲੈਲਾ ਹੈ। ਥਾਪਰ ਕਾਲਜ ਪਟਿਆਲਾ ਤੋਂ ਇਲੈਕਟ੍ਰਾਨਿਕਸ ਤੇ ਕਮਿਊਨੀਕੇਸ਼ਨ ਦੀ ਇੰਜੀਨਅਰਿੰਗ ਦੀ ਡਿਗਰੀ ਦੇ ਗੋਲਡ ਮੈਡਲਿਸਟ ਵਰਮਾ ਨੇ 1993 ਵਿੱਚ ਯੂ.ਪੀ.ਐਸ.ਸੀ. ਦੀ ਸਿਵਲ ਸੇਵਾਵਾਂ ਪ੍ਰੀਖਿਆ ਵਿੱਚ ਦੇਸ਼ ਭਰ ਵਿੱਚੋਂ ਸੱਤਵਾਂ ਸਥਾਨ ਹਾਸਲ ਕੀਤਾ ਸੀ।

ਵਰਮਾ ਇਸ ਤੋਂ ਪਹਿਲਾਂ ਵਧੀਕ ਮੁੱਖ ਸਕੱਤਰ ਗ੍ਰਹਿ, ਉਦਯੋਗ ਤੇ ਕਾਮਰਸ, ਕਾਨੂੰਨੀ ਤੇ ਵਿਧਾਨਕ ਮਾਮਲੇ, ਸੂਚਨਾ ਤਕਨਾਲੋਜੀ ਅਤੇ ਨਿਵੇਸ਼ ਪ੍ਰੋਤਸਾਹਨ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਸ ਤੋਂ ਪਹਿਲਾਂ ਉਨ੍ਹਾਂ ਪੇਂਡੂ ਵਿਕਾਸ ਤੇ ਪੰਚਾਇਤਾਂ, ਆਬਕਾਰੀ ਤੇ ਕਰ ਅਤੇ ਮਾਲ ਵਿਭਾਗ ਵਿੱਚ ਬਿਹਤਰੀਨ ਸੇਵਾਵਾਂ ਨਿਭਾਈਆਂ। ਵਿਸ਼ੇਸ਼ ਸਕੱਤਰ ਮਾਲ ਵਜੋਂ ਨਵੀਂ ਪਹਿਲ ਕਰਦਿਆਂ ਮਾਲ ਰਿਕਾਰਡ ਦੇ ਕੰਪਿਊਟਰੀਕਰਨ ਅਤੇ ਫਰਦ ਕੇਂਦਰਾਂ ਦੀ ਸ਼ੁਰੂਆਤ ਕੀਤੀ। ਆਬਕਾਰੀ ਤੇ ਕਰ ਕਮਿਸ਼ਨਰ ਵਜੋਂ ਲੋਕਾਂ ਲਈ ਕਰ ਭਰਨ ਦੀ ਪ੍ਰਕਿਰਿਆ ਸਰਲ ਬਣਾਉਦਿਆਂ ਮਾਲੀਆ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਈ। ਵਿੱਤ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਦੇ ਅਹੁਦੇ ਉਤੇ ਰਹਿੰਦਿਆਂ ਪਿੰਡਾਂ ਲਈ ਅਹਿਮ ਸਕੀਮ ਮਗਨਰੇਗਾ ਨੂੰ ਸਫਲਤਾਪੂਰਵਕ ਤਰੀਕੇ ਨਾਲ ਲਾਗੂ ਕੀਤਾ ਅਤੇ 1000 ਤੋਂ ਵੱਧ ਪਿੰਡਾਂ ਵਿੱਚ ਸਿਹਤਮੰਦ ਮਾਹੌਲ ਸਿਰਜਦਿਆਂ ਖੇਡ ਮੈਦਾਨ ਤੇ ਖੇਡ ਪਾਰਕ ਬਣਾਏ।

ਹੈਡਕੁਆਟਰ ਵਿਖੇ ਵੱਖ-ਵੱਖ ਸੇਵਾਵਾਂ ਨਿਭਾਉਣ ਤੋਂ ਪਹਿਲਾਂ ਫੀਲਡ ਪੋਸਟਿੰਗ ਦੌਰਾਨ ਵਰਮਾ ਨੇ ਬਠਿੰਡਾ, ਲੁਧਿਆਣਾ ਤੇ ਜਲੰਧਰ ਜਿਹੇ ਅਹਿਮ ਜ਼ਿਲਿਆਂ ਦੇ ਡਿਪਟੀ ਕਮਿਸ਼ਨਰ ਵਜੋਂ ਬਿਹਤਰ ਤੇ ਕੁਸ਼ਲ ਭਰਪੂਰ ਸੇਵਾਵਾਂ ਨਿਭਾਈਆਂ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..