July 26, 2024

Chandigarh Headline

True-stories

ਸਰਕਾਰ ਬਿਲਡਰਾਂ ਨੂੰ ਮਨ ਮਰਜ਼ੀਆਂ ਕਰਕੇ ਕੁਦਰਤ ਅਤੇ ਲੋਕਾਂ ਦੀਆਂ ਜਿੰਦਗੀਆਂ ਨਾਲ ਖਿਲਵਾੜ ਨਹੀਂ ਕਰਨ ਦੇਵੇਗੀ – ਅਨਮੋਲ ਗਗਨ ਮਾਨ

1 min read

ਕੁਰਾਲੀ, 18 ਅਗਸਤ, 2023: ਪੰਜਾਬ ਦੇ ਸੈਰ ਸਪਾਟਾ, ਨਿਵੇਸ਼ ਪ੍ਰੋਤਸਾਹਨ, ਕਿਰਤ ਤੇ ਪ੍ਰਾਹੁਣਚਾਰੀ ਵਿਭਾਗਾਂ ਦੇ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਇੱਥੇ ਦੁਹਰਾਇਆ ਕਿ ਖਰੜ ਵਿਧਾਨ ਸਭਾ ਹਲਕੇ ’ਚ ਬਿਲਡਰਾਂ ਨੂੰ ਮਨ ਮਰਜ਼ੀਆਂ ਕਰਕੇ ਆਮ ਲੋਕਾਂ ਦੀਆਂ ਜ਼ਿੰਦਗੀਆਂ ਅਤੇ ਕੁਦਰਤ ਨਾਲ ਖਿਲਵਾੜ ਕਰਨ ਦੀ ਇਜ਼ਾਜ਼ਤ ਨਹੀਂ ਦਿੱਤੀ ਜਾ ਸਕਦੀ। ਉਹ ਅੱਜ ਇੱਥੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਹਰੀਸ਼ ਰਾਣਾ ਵੱੱਲੋਂ ਅਹੁਦਾ ਸੰਭਾਲੇ ਜਾਣ ਮੌਕੇ ਹੋਏ ਸਮਾਗਮ ਵਿੱਚ ਸ਼ਿਰਕਤ ਕਰਨ ਆਏ ਸਨ।

ਉਨ੍ਹਾਂ ਕਿਹਾ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਆਮ ਲੋਕਾਂ ਦੇ ਹਿੱਤਾਂ ਅਤੇ ਇਮਾਨਦਾਰੀ ’ਤੇ ਪਹਿਰਾ ਦੇਣ ਦੀ ਵਚਨਬੱਧਤਾ ਨਾਲ ਹੌਂਦ ’ਚ ਆਈ ਹੈ, ਇਸ ਲਈ ਆਮ ਲੋਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ, ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੇ ਸੋਸ਼ਣ ਤੋਂ ਬਚਾਉਣ ਅਤੇ ਕੁਦਰਤੀ ਵਹਾਅ ’ਚ ਰੁਕਾਵਟ ਬਣਦੇ ਪ੍ਰਾਜੈਕਟਾਂ ਖਿਲਾਫ਼ ਕਾਰਵਾਈ ਤੋਂ ਪਿੱਛੇ ਨਹੀਂ ਹਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਬਿਲਡਰ ਸ਼ਹਿਰੀਕਰਨ ਅਤੇ ਵਿਕਾਸ ਜ਼ਰੂਰ ਕਰਨ ਪਰ ਕੁਦਰਤੀ ਸਰੋਤਾਂ ਅਤੇ ਆਮ ਜਨਤਾ ਦੇ ਸੋਸ਼ਣ ਦੀ ਕੀਮਤ ’ਤੇ ਨਹੀਂ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਪਈਆਂ ਭਾਰੀ ਬਾਰਸ਼ਾਂ ਅਤੇ ਹੜ੍ਹਾਂ ਨੇ ਇਸ ਗੱਲ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਬਹੁਤ ਸਾਰੇ ਕੁਦਰਤੀ ਵਹਾਅ ਸ਼ਹਿਰੀਕਰਣ ਦੀ ਮਾਰ ਹੇਠ ਆਏ ਹੋਣ ਕਾਰਨ ਅਤੇ ਬਿਲਡਰਾਂ ਵੱਲੋਂ ਪਾਣੀ ਦੀ ਨਿਕਾਸੀ ਦੇ ਉਚਿੱਤ ਪ੍ਰਬੰਧ ਨਾ ਕੀਤੇ ਹੋਣ ਕਾਰਨ ਆਮ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ।

ਉਨ੍ਹਾਂ ਹਰੀਸ਼ ਰਾਣਾ ਦੇ ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲੇ ਜਾਣ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਮੇਹਨਤੀ ਵਾਲੰਟੀਅਰਾਂ ਦੀ ਪਾਰਟੀ ਹੈ, ਜਿੱਥੇ ਹਰ ਇੱਕ ਵਰਕਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੇਹਨਤੀ ਵਰਕਰਾਂ ਦਾ ਸਰਕਾਰ ਵਿੱਚ ਹਮੇਸ਼ਾਂ ਮਾਣ-ਸਨਮਾਨ ਕਾਇਮ ਰਹੇਗਾ। ਉਨ੍ਹਾਂ ਕਿਹਾ ਕਿ ਇਮਾਨਦਾਰੀ ਅਤੇ ਨੇਕਨੀਅਤੀ ਨੂੰ ਮੁੱਖ ਰੱਖ ਕੇ ਹੌਂਦ ’ਚ ਆਈ ਸਰਕਾਰ ਮੇਹਨਤੀ ਵਰਕਰਾਂ ਦਾ ਹਮੇਸ਼ਾਂ ਖਿਆਲ ਰੱਖੇਗੀ।

ਅਨਮੋਲ ਗਗਨ ਮਾਨ ਨੇ ਅੱਗੇ ਕਿਹਾ ਕਿ ਉਹ ਕੁਰਾਲੀ ਸ਼ਹਿਰ ਦੇ ਵਿਕਾਸ ਲਈ ਜੀਅ ਤੋੜ ਯਤਨ ਕਰ ਰਹੇ ਹਨ, ਜਿਸ ਤਹਿਤ ਜਲਦ ਹੀ ਇੱਥੇ ਆਧੁਨਿਕ ਸਹੂਲਤਾਂ ਵਾਲੀ ਹਸਪਤਾਲ ਦੀ ਨਵੀਂ ਇਮਾਰਤ ਬਣਨੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਲਗਪਗ 10 ਕਰੋੜ ਰੁਪਏ ਦੀ ਲਾਗਤ ਵਾਲੀ ਇਹ ਇਮਾਰਤ ਇਲਾਕੇ ’ਚ ਸਿਹਤ ਸਹੂਲਤਾਂ ਨੂੰ ਨਵਾਂ ਹੁਲਰਾ ਦੇਵੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਸ਼ਹਿਰ ਦੇ ਹਸਪਤਾਲ ਦਾ ਦੌਰਾ ਕਰਕੇ, ਇਸ ਨੂੰ ਅਪਗ੍ਰੇਡ ਕਰਨ ਦੀ ਦਿੱਤੀ ਪ੍ਰਵਾਨਗੀ ਲਈ ਉਨ੍ਹਾਂ ਦਾ ਧੰਨਵਾਦ ਵੀ ਪ੍ਰਗਟਾਇਆ।

Leave a Reply

Your email address will not be published.

Copyright © All rights reserved. Please contact us on gurjitsodhi5@gmail.com | . by ..