ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 312 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਗੁਰਮਤਿ ਸਮਾਗਮ ਕਰਵਾਇਆ ਗਿਆ
1 min readਮੋਹਾਲੀ, 28 ਫ਼ਰਵਰੀ, 2022: ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 312 ਵੇਂ ਸਰਹੰਦ ਫਤਹਿ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਗੁਰਮਤਿ ਸਮਾਗਮ ਵਿੱਚ ਝਾਮਪੁਰ ਵਾਲਿਆਂ ਦੇ ਸ਼ੇਰ ਏ ਪੰਜਾਬ ਕਵੀਸ਼ਰੀ ਜੱਥੇ ਨੇ ਬਾਬਾ ਬੰਦਾ ਸਿੰਘ ਜੀ ਬਹਾਦਰ ਦੁਆਰਾ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲੈਂਦੇ ਹੋਏ ਸੰਨ 1710 ਈ: ਵਿੱਚ ਵਜੀਰ ਖਾਨ ਨੂੰ ਮਾਰ ਕੇ, ਸਰਹੰਦ ਦੀ ਇੱਟ ਨਾਲ ਇੱਟ ਖੜਕਾ ਕੇ ਫਤਹਿ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਨਾਲ ਸੁਣਾਇਆ।
ਭਾਈ ਅਵਤਾਰ ਸਿੰਘ ਆਲਮ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਜੀ ਸ਼ੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹਾਨਤਾ ਦਸੱਦੇ ਹੋਏ ਸੰਗਤਾਂ ਨੂੰ ਅ੍ਰਮਿੰਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।
ਇਸ ਤੋਂ ਇਲਾਵਾ ਭਾਈ ਨਿਸ਼ਾਨ ਸਿੰਘ , ਭਾਈ ਗੁਰਦੀਪ ਸਿੰਘ ਖੰਨਾ, ਭਾਈ ਮਹਿੰਦਰ ਸਿੰਘ, ਭਾਈ ਸੁਰਜੀਤ ਸਿੰਘ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜੱਥਾ, ਭਾਈ ਗੁਰਵਿੰਦਰ ਸਿੰਘ, ਭਾਈ ਪ੍ਰਿਤਪਾਲ ਸਿੰਘ, ਭਾਈ ਕੁਲਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਬਹਾਦਰ ਸਿੰਘ ਸੇਵਕ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਤਿੰਦਰ ਸਿੰਘ ਨੇ ਕਥਾ-ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਇਸ ਸਾਰੇ ਸਮਾਗਮ ਦਾ ਯੂਟਿਉੱਬ ਅਤੇ ਫੈਸਬੁੱਕ ਤੇ ਸਿੱਧਾ ਪ੍ਰਸਾਰਣ ਕੀਤਾ ਗਿਆ । ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।
ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 13 ਮਾਰਚ ਨੂੰ ਦਸਵੀ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ ਜੀ।